20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਟਰੇਡ ਕਮਿਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 18-02-2026

ਇਮਾਨਦਾਰ ਕਾਰੋਬਾਰੀ ਭਾਈਚਾਰੇ ਨੂੰ ਸਿੰਗਲ-ਵਿੰਡੋ ਵਿਧੀ ਤਹਿਤ ਸੰਗਠਿਤ ਸਹਾਇਤਾ ਮਿਲੇਗੀ-ਚੀਮਾ
ਵਪਾਰੀਆਂ ਦਾ ਕੰਮਕਾਜ ਸੁਚਾਰੂ ਬਣਾਉਣ ਲਈ 10 ਜ਼ਿਲਿ੍ਹਆਂ 'ਚ ਮੀਟਿੰਗਾਂ

ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ | ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੂਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ | ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ | ਇਹ ਬਦਲਣਾ ਚਾਹੀਦਾ ਹੈ ਤੇ ਮੌਜੂਦਾ ਸਰਕਾਰ ਇਸ ਨੂੰ ਬਦਲਣ ਲਈ ਦਿ੍ੜ ਹੈ | ਪੰਜਾਬ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਟਰੇਡ ਕਮਿਸ਼ਨ ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬੱਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰੇਗਾ | ਇਹ ਉਨ੍ਹਾਂ ਦੇ ਮੁੱਦਿਆਂ ਦੇ ਤੇਜ਼ ਅਤੇ ਸੁਚਾਰੂ ਹੱਲ ਲਈ ਇੱਕ ਸੰਗਠਿਤ ਪ੍ਰਣਾਲੀ, ਸਪੱਸ਼ਟ ਜਵਾਬਦੇਹੀ ਅਤੇ ਸਮਾਂਬੱਧ ਹੱਲ ਪ੍ਰਦਾਨ ਕਰੇਗਾ, ਤਾਂ ਜੋ ਸਮੱਸਿਆਵਾਂ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਾ ਛੱਡਿਆ ਜਾਵੇ | ਇਸ ਪਹਿਲਕਦਮੀ ਦੀ ਤਿਆਰੀ ਵਜੋਂ ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿਚ ਸਮੀਖਿਆ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਵਿਚ ਸਰਕਾਰੀ ਨੁਮਾਇੰਦਿਆਂ, ਸਥਾਨਕ ਪ੍ਰਸ਼ਾਸਨ ਅਤੇ ਸੰਬੰਧਿਤ ਟੀਮਾਂ ਨੇ ਕਮਿਸ਼ਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਕਾਰਜਸ਼ੀਲ ਰੂਪ-ਰੇਖਾ ਅਤੇ ਜ਼ਿਲ੍ਹਾ ਪੱਧਰੀ ਤਾਲਮੇਲ ਬਾਰੇ ਚਰਚਾ ਕੀਤੀ | ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਪਾਰੀ ਤੇ ਛੋਟੇ ਕਾਰੋਬਾਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ | ਮੰਤਰੀ ਨੇ ਦੁਹਰਾਇਆ ਕਿ ਪੰਜਾਬ ਟਰੇਡ ਕਮਿਸ਼ਨ ਲੋਕ ਸੇਵਾ, ਪਾਰਦਰਸ਼ਤਾ ਅਤੇ ਕਾਰੋਬਾਰ ਕਰਨ ਦੀ ਸੌਖ ਦੀ ਭਾਵਨਾ ਨਾਲ ਬਣਾਇਆ ਜਾਵੇਗਾ | ਇੱਕੋ ਪਲੇਟਫਾਰਮ ਦੇ ਹੇਠਾਂ ਵਪਾਰੀਆਂ ਨੂੰ ਸਹਾਇਤਾ, ਮਾਰਗਦਰਸ਼ਨ ਅਤੇ ਤੁਰੰਤ ਹੱਲ ਮਿਲਣਗੇ, ਜਿਸ ਨਾਲ ਇਹ ਯਕੀਨੀ ਹੋਵੇਗਾ ਕਿ ਸ਼ਾਸਨ ਉਨ੍ਹਾਂ ਦੇ ਵਿਰੁੱਧ ਨਹੀਂ, ਬਲਕਿ ਉਨ੍ਹਾਂ ਦੇ ਹਿੱਤ ਵਿਚ ਕੰਮ ਕਰੇ |

ਪਿਛਲੀ ਖ਼ਬਰ ਮੁਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਫ਼ਵਾਹ ਨਿਕਲੀ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਕਾਰਨ ਪਾਕਿ ਦੀਆਂ ਧੜਕਣਾਂ ਹੋਈਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।