ਦੋਸ਼ਾਂ ਦੇ ਸਬੂਤ ਪੇਸ਼ ਕਰੋ, ਨਹੀਂ ਤਾਂ ਹੋਵੇਗੀ ਕਾਰਵਾਈ
ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਤਾਂ ਦਰਜ ਕਰਾਇਆ ਜਾਵੇਗਾ ਮਾਣਹਾਨੀ ਮੁਕੱਦਮਾ-ਧਾਮੀ
ਅੰਮਿ੍ਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੀ ਇਥੇ ਅੰਤਿੰ੍ਰਗ ਕਮੇਟੀ ਦੀ ਹੋਈ ਅਹਿਮ ਇਕੱਤਰਤਾ ਦੌਰਾਨ ਮਤਾ ਪਾਸ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਦਿਨ ਪੱਤਰਕਾਰ ਸੰਮੇਲਨ ਦੌਰਾਨ ਸ਼ੋ੍ਰਮਣੀ ਕਮੇਟੀ 'ਤੇ ਲਗਾਏ ਗਏ ਇਲਜ਼ਾਮਾਂ ਨੂੰ ਗ਼ੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਲਗਾਏ ਦੋਸ਼ ਸਿੱਧ ਕਰਨ ਲਈ 72 ਘੰਟੇ ਅੰਦਰ ਸਬੂਤ ਪੇਸ਼ ਕਰਨ ਹਿਤ ਨੋਟਿਸ ਜਾਰੀ ਕੀਤਾ ਗਿਆ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ | ਇਥੇ ਕਰੀਬ 2 ਘੰਟੇ ਚੱਲੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਜੋ ਕਿ ਇਸ ਸਮੇਂ ਛੁੱਟੀ 'ਤੇ ਚੱਲ ਰਹੇ ਹਨ, ਵਲੋਂ ਸਤਿਕਾਰਤ ਅਹੁਦੇ 'ਤੇ ਹੁੰਦਿਆਂ ਬਿਨਾਂ ਠੋਸ ਸਬੂਤਾਂ ਦੇ ਸੰਸਥਾ 'ਤੇ ਦੋਸ਼ ਲਗਾ ਕੇ ਇਸ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ ਗਿਆ ਹੈ | ਇਸ ਲਈ ਉਹ 72 ਘੰਟਿਆਂ ਵਿਚ ਲਗਾਏ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਅਤੇ ਜੇਕਰ ਤੈਅ ਸਮੇਂ ਅੰਦਰ ਲਿਖਤੀ ਤੌਰ 'ਤੇ ਸਬੂਤ ਪੇਸ਼ ਨਾ ਕੀਤੇ ਗਏ ਤਾਂ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ |
ਗਿਆਨੀ ਹਰਪ੍ਰੀਤ ਸਿੰਘ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਤਾਕੀਦ
ਇਕ ਹੋਰ ਅਹਿਮ ਫ਼ੈਸਲੇ ਬਾਰੇ ਉਨ੍ਹਾਂ ਦੱਸਿਆ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (ਜੋ ਕਿ ਹੁਣ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਹਨ), ਵਲੋਂ ਸ਼੍ਰੋਮਣੀ ਕਮੇਟੀ 'ਤੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਗਮਾਡਾ ਵਲੋਂ ਸਕੀਮ ਤਹਿਤ ਲਈ ਜ਼ਮੀਨ ਦੇ ਪੈਸਿਆਂ ਅਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਦੀ ਜਗ੍ਹਾ ਵੇਚਣ ਦੇ ਮੀਡੀਆ ਵਿਚ ਲਗਾਏ ਗਏ ਦੋਸ਼ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਾਇਆ ਜਾਵੇਗਾ |
ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ
ਉਨ੍ਹਾਂ ਦੱਸਿਆ ਕਿ ਇਕੱਤਰਤਾ 'ਚ ਸਰਕਾਰਾਂ ਵਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਹਾਲ ਹੀ ਵਿਚ ਦਿੱਲੀ ਦੀ ਭਾਜਪਾ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਪੀਲ ਨੂੰ ਰੱਦ ਕਰਨਾ ਦੁਖਦਾਈ ਹੈ | ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ |
ਏ. ਆਈ. ਤਕਨੀਕ ਨਾਲ ਸਿੱਖ ਵਿਰੋਧੀ ਕਾਰਵਾਈਆਂ ਦਾ ਲਿਆ ਨੋਟਿਸ
ਧਾਮੀ ਨੇ ਦੱਸਿਆ ਕਿ ਏ.ਆਈ. ਤਕਨੀਕ ਨਾਲ ਸਿੱਖ ਵਿਰੋਧੀ ਕਾਰਵਾਈਆਂ ਕੀਤੇ ਜਾਣ ਦਾ ਵੀ ਅੰਤਿ੍ੰਗ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਆਧੁਨਿਕ ਤਕਨੀਕ ਨਾਲ ਧਰਮਾਂ ਵਿਰੁੱਧ ਹਰਕਤਾਂ ਕਰਨ ਵਾਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ ਰੂਪ ਵਿਚ ਕੰਮ ਕਰ ਰਹੀ ਹੈ | ਇਸ ਸੰਬੰਧ ਵਿਚ ਇਕ ਸਬ ਕਮੇਟੀ ਗਠਿਤ ਕਰਨ ਦੇ ਨਾਲ ਕਾਨੂੰਨੀ ਤੌਰ 'ਤੇ ਵੀ ਯਤਨ ਜਾਰੀ ਹਨ |
ਗੁਰਦੁਆਰਾ ਅੰਬ ਸਾਹਿਬ ਦੀ ਜਾਅਲਸਾਜ਼ੀ ਕਰਕੇ ਵੇਚੀ ਜਗ੍ਹਾ ਦੇ ਮਾਮਲੇ ਦੀ ਜਾਂਚ ਜਾਰੀ
ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਵਲੋਂ ਜਾਅਲਸਾਜ਼ੀ ਕਰਕੇ ਵੇਚੀ ਗਈ ਜ਼ਮੀਨ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ 'ਤੇ ਹਰ ਦੋਸ਼ੀ ਵਿਰੁੱਧ ਕਾਰਵਾਈ ਹੋਵੇਗੀ | ਉਨ੍ਹਾਂ ਆਸਟ੍ਰੇਲੀਆ ਵਿਚ ਸਿੱਖ ਨੌਜਵਾਨ 'ਤੇ ਹੋਏ ਨਸਲੀ ਹਮਲੇ ਦੀ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਜਿਹੇ ਮਾਮਲਿਆਂ ਵਿਚ ਸੰਬੰਧਿਤ ਦੇਸ਼ਾਂ ਨਾਲ ਕੂਟਨੀਤਕ ਪੱਧਰ 'ਤੇ ਗੱਲ ਕਰਨ ਵਾਸਤੇ ਕਿਹਾ |
ਮੁੱਖ ਗ੍ਰੰਥੀ ਨੂੰ ਅਹੁਦੇ ਤੋਂ ਜਲਦ ਫਾਰਗ ਕੀਤੇ ਜਾਣ ਦੀ ਸੰਭਾਵਨਾ..!
ਜ਼ਿਕਰਯੋਗ ਹੈ ਕਿ ਅੰਤਿੰ੍ਰਗ ਕਮੇਟੀ ਦੀ ਇਕ ਹੋਰ ਹੰਗਾਮੀ ਇਕੱਤਰਤਾ 24 ਫਰਵਰੀ ਨੂੰ ਸੱਦੇ ਜਾਣ ਦੀ ਚਰਚਾ ਹੈ, ਜਿਸ ਦੌਰਾਨ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਸਬੂਤ ਪੇਸ਼ ਨਾ ਕੀਤੇ ਜਾਣ ਦੀ ਸੂਰਤ ਵਿਚ ਉਨ੍ਹਾਂ ਨੂੰ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕੀਤਾ ਜਾ ਸਕਦਾ ਹੈ | ਇਸ ਸੰਬੰਧੀ ਜਦੋਂ ਗਿਆਨੀ ਰਘਬੀਰ ਸਿੰਘ ਦਾ ਪੱਖ ਜਾਨਣ ਲਈ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ |
ਕੌਣ-ਕੌਣ ਹੋਏ ਸ਼ਾਮਿਲ
ਇਕੱਤਰਤਾ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ ਆਦਿ ਵੀ ਮੌਜੂਦ ਸਨ |
ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ
ਅਜੀਤ ਡੈਸਕ
20-02-2026