ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਾਹਨ ਸੌਂਪੇ
ਸਾਰੇ 28 ਪੁਲਿਸ ਜ਼ਿਲਿ੍ਹਆਂ 'ਚ ਕੀਤੇ ਜਾਣਗੇ ਤਾਇਨਾਤ, 112 ਡਾਇਲ ਕਰਨ 'ਤੇ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ
ਸੰਗਰੂਰ, ਧੂਰੀ, ਮਸਤੂਆਣਾ ਸਾਹਿਬ, 31 ਮਾਰਚ (ਫੁੱਲ, ਧਾਂਦਰਾ, ਲਹਿਰੀ, ਭੁੱਲਰ, ਦਮਦਮੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਭਰ 'ਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਲਾਗੇ ਲੱਡਾ ਕੋਠੀ ਵਿਖੇ 508 ਐਮਰਜੈਂਸੀ ਰਿਸਪਾਂਸ ਵਹੀਕਲ (ਈ.ਵੀ.ਆਰ.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਿਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ 'ਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ 'ਚ ਤਾਇਨਾਤ ਕੀਤੇ ਗਏ ਹਨ, ਜੋ ਐਮਰਜੈਂਸੀ ਹਾਲਾਤ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ ਤਕਨਾਲੋਜੀ-ਅਧਾਰਿਤ ਕਾਨੂੰਨ ਲਾਗੂ ਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ, ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕੱਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ 'ਚ ਵੀ ਵਾਧਾ ਕਰਦੀ ਹੈ, ਜੋ ਟਾਟਾ ਸਟੀਲ ਵਲੋਂ ਪੰਜਾਬ 'ਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਿਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤੇ ਇਨ੍ਹਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ 'ਚ ਸਜ਼ਾ ਦਰ 87 ਫ਼ੀਸਦ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਪੰਜਾਬ 'ਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਾਬਤ ਹੋ ਰਹੀ ਹੈ, ਜਿਸ ਤਹਿਤ ਸਪਲਾਈ ਚੇਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਇਹ ਗੈਰ-ਕਾਨੂੰਨੀ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਨਤਕ ਸਮਰਥਨ ਨਾਲ ਲੋਕ ਲਹਿਰ 'ਚ ਬਦਲਣ ਲਈ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਪ੍ਰਬੰਧਕੀ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪਹਿਲੀ ਵਾਰ ਜ਼ਮੀਨੀ ਪੱਧਰ ਤੱਕ ਪਹੁੰਚ ਅਪਣਾਈ ਗਈ ਹੈ ਜਿਸ ਤਹਿਤ ਹੁਣ ਸਿਰਫ ਸੀਨੀਅਰ ਅਧਿਕਾਰੀਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਐਸ.ਐਚ.ਓਜ਼ ਨੂੰ ਵਾਹਨ ਪ੍ਰਦਾਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ 'ਚ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ 'ਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀ.ਪੀ.ਐਸ. ਟਰੈਕਰਸ, ਡੈਸ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ। ਭਵਿੱਖ ਦੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ, ਜੋ ਸੂਬੇ ਨੂੰ ਦੇਸ਼ 'ਚ ਇਕ ਮੋਹਰੀ ਫੋਰਸ ਬਣਾਏਗਾ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਤੇ ਉਨ੍ਹਾਂ ਨੂੰ ਸੱਤਾ 'ਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦੋਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਹੈ, ਸੁਖਬੀਰ ਪਿੰਡਾਂ 'ਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਬਾਰੇ ਗੱਲਾਂ ਕਰ ਰਹੇ ਹਨ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡੀ. ਜੀ. ਪੀ. ਗੌਰਵ ਯਾਦਵ, ਮੁੱਖ ਮੰਤਰੀ ਦੇ ਓ. ਐਸ. ਡੀ. ਸੁਖਬੀਰ ਸਿੰਘ ਸੁੱਖੀ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਇੰਚਾਰਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਇੰਚਾਰਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਸਤਿੰਦਰ ਸਿੰਘ ਚੱਠਾ, ਅਨਿਲ ਕੁਮਾਰ ਮਿੱਤਲ, ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਛਪਾਲ ਸਿੰਘ ਭੁੱਲਰਹੇੜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੋਧ ਸਿੰਘ ਕਾਂਝਲਾ ਚੇਅਰਮੈਨ ਬਲਾਕ ਸੰਮਤੀ ਧੂਰੀ, ਅਮਰਦੀਪ ਸਿੰਘ ਧਾਂਦਰਾ ਬਲਾਕ ਸੰਮਤੀ ਮੈਂਬਰ, ਰਮਨਦੀਪ ਸਿੰਘ ਧੂਰੀ ਅਧਿਕਾਰੀ ਮੁੱਖ ਸਹਾਇਤਾ ਕੇਂਦਰ, ਅੰਮ੍ਰਿਤਪਾਲ ਸਿੰਘ ਸਰਪੰਚ ਘਨੋਰੀ ਕਲਾਂ, ਸਰਪੰਚ ਦਵਿੰਦਰ ਸਿੰਘ ਧੂਰਾ, ਸਰਪੰਚ ਗੋਪਾਲ ਕ੍ਰਿਸ਼ਨ ਪਾਨੀ ਬੇਨੜਾ ਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ 'ਆਪ' ਆਗੂ ਹਾਜ਼ਰ ਸਨ।
ਅਮਰੀਕਾ ਤੇ ਯੂਰਪ ਵਾਂਗ ਪੰਜਾਬ 'ਚ ਮਹਿਜ਼ 6 ਮਿੰਟਾਂ 'ਚ ਮਿਲੇਗੀ ਪੁਲਿਸ ਸਹਾਇਤਾ-ਮੁੱਖ ਮੰਤਰੀ <br/>
ਅਜੀਤ ਡੈਸਕ
01-04-2026