ਸ੍ਰੀ ਅਨੰਦਪੁਰ ਸਾਹਿਬ ਤੋਂ 4 ਦਿਨਾ ਸ਼ੁਕਰਾਨਾ ਯਾਤਰਾ ਸ਼ੁਰੂ
ਕਰਨੈਲ ਸਿੰਘ
ਸ੍ਰੀ ਅਨੰਦਪੁਰ ਸਾਹਿਬ, 6 ਮਈ -ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਪੰਜਾਬ 'ਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਅੰਮਿ੍ਤਸਰ ਅਤੇ ਜਲੰਧਰ 'ਚ ਹਾਲ ਹੀ 'ਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ 'ਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ | ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ 'ਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਿਲ ਨਾਲ ਹਾਸਿਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ | ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ 'ਤੇ ਪੰਜਾਬ 'ਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ 'ਤੇ ਜਾਗਰੂਕ ਹਨ ਤੇ ਅਜਿਹੀਆਂ ਸਾਜਿਸ਼ਾਂ ਵਿਰੁੱਧ ਇਕਜੁੱਟ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ 'ਚ ਕਦੇ ਵੀ ਸਫ਼ਲ ਨਹੀਂ ਹੋਣਗੇ | ਮੁੱਖ ਮੰਤਰੀ ਭਗਵੰਤ ਮਾਨ ਨੇ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਲਾਗੂ ਹੋਣ ਉਪਰੰਤ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਆਰੰਭ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁੁੁਰੂ ਚਰਨਾਂ 'ਚ ਅਰਦਾਸ ਕਰਕੇ ਸ਼ੁਕਰਾਨਾ ਕੀਤਾ | ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ 'ਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਨ੍ਹਾਂ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ | ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ 'ਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ 9 ਮਈ ਨੂੰ ਉਹ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ | ਉਨ੍ਹਾਂ ਬੇਹੱਦ ਗਰਮੀ ਦੇ ਬਾਵਜੂਦ ਇਥੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯਾਤਰਾ ਦਾ ਇੱਕੋ-ਇੱਕ ਮੰਤਵ ਇਸ ਮਹੱਤਵਪੂਰਨ ਕਾਨੂੰਨ ਨੂੰ ਪਾਸ ਕਰਨ ਲਈ ਤਾਕਤ ਬਖ਼ਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ | ਸੀਨੀਅਰ ਪਾਰਟੀ ਆਗੂ ਡਾ. ਸੰਜੀਵ ਗੌਤਮ, ਸਾਬਕਾ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਵਪਾਰ ਵਿੰਗ ਦੇ ਪ੍ਰਧਾਨ ਦੀਪਕ ਆਂਗਰਾ, ਦਵਿੰਦਰ ਸਿੰਘ ਛਿੰਦੂ ਆਦਿ ਵੀ ਹਾਜ਼ਰ ਸਨ | ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਭਰਤਗੜ੍ਹ (ਰੂਪਨਗਰ), ਬਲਾਚੌਰ, ਨਵਾਂਸ਼ਹਿਰ, ਬੰਗਾ, ਫਗਵਾੜਾ, ਜਲੰਧਰ ਪੁੱਜੀ, ਜਿਥੋਂ ਇਹ ਸਵੇਰੇ ਅਗਲੇ ਪੜਾਅ ਅੰਮਿ੍ਤਸਰ ਲਈ ਰਵਾਨਾ ਹੋਵੇਗੀ |
ਬੰਬ ਧਮਾਕਿਆਂ ਪਿੱਛੇ ਭਾਜਪਾ ਦਾ ਹੱਥ-ਮੁੱਖ ਮੰਤਰੀ
ਅਜੀਤ ਡੈਸਕ
07-05-2026