ਅਟਾਰੀ ਸਰਹੱਦ (ਅੰਮਿ੍ਤਸਰ), 6 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮਿ੍ਤਸਰ-ਅਟਾਰੀ ਰੋਡ 'ਤੇ ਸਥਿਤ ਖਾਸਾ ਛਾਉਣੀ ਦੇ 6 ਨੰਬਰ ਗੇਟ ਦੇ ਨੇੜੇ ਮੰਗਲਵਾਰ ਦੇਰ ਰਾਤ ਹੋਏ ਧਮਾਕੇ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਅੰਮਿ੍ਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ | ਇਸ ਦੇ ਨਾਲ ਹੀ ਬੰਬ ਨਕਾਰਾ ਦਸਤੇ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ | ਧਮਾਕੇ ਕਰਕੇ ਛਾਉਣੀ ਦੀ ਬਾਹਰੀ ਕੰਧ 'ਤੇ ਲੱਗੀਆਂ ਲੋਹੇ ਦੀਆਂ ਟੀਨਾਂ ਚਾਦਰਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ | ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਐਸ.ਪੀ. ਅੰਮਿ੍ਤਸਰ ਦਿਹਾਤੀ ਅਦਿੱਤਿਆ ਵਾਰਿਅਰ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਖਾਸਾ ਇਲਾਕੇ ਵਿਚ ਹੋਏ ਧਮਾਕੇ ਸੰਬੰਧੀ ਜਾਂਚ ਜਾਰੀ ਹੈ | ਇਸ ਮਾਮਲੇ 'ਚ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਹਰ ਪੱਖ ਤੋਂ ਬੜੀ ਸਾਵਧਾਨੀ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਫ਼ੌਜ ਤੇ ਪੁਲਿਸ ਵਲੋਂ ਇਸ ਸੰਬੰਧੀ ਕੀਤੀ ਜਾ ਰਹੀ ਜਾਂਚ ਵਿਚ ਸ਼ਾਮਿਲ ਹੁੰਦਿਆਂ ਐੱਨ.ਆਈ.ਏ. ਧਮਾਕੇ ਦੀ ਜਾਂਚ ਕਰੇਗੀ | ਇਸ ਮੌਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੇ ਫ਼ੌਜ ਦੇ ਉੱਚ ਅਧਿਕਾਰੀਆਂ ਨੇ ਪਹੁੰਚ ਕੇ ਧਮਾਕੇ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ |