10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

-ਨੌਜਵਾਨ ਦੀ ਹੱਤਿਆ ਦਾ ਮਾਮਲਾ- : ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਲੁਧਿਆਣਾ-ਦਿੱਲੀ ਮੁੱਖ ਸੜਕ ’ਤੇ ਧਰਨਾ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਤੰਤਰ ਨਗਰ ਵਿਚ ਸ਼ੁੱਕਰਵਾਰ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ...

ਅਜੀਤ ਡੈਸਕ 10-08-2026

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਤੰਤਰ ਨਗਰ ਵਿਚ ਸ਼ੁੱਕਰਵਾਰ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਇਲਾਕੇ ਦੇ ਲੋਕਾਂ ਵਲੋਂ ਲੁਧਿਆਣਾ-ਦਿੱਲੀ ਮੁੱਖ ਸੜਕ ’ਤੇ ਸੁਭਾਸ਼ ਨਗਰ ਚੌਕ ਨੇੜੇ ਧਰਨਾ ਦਿੱਤਾ ਗਿਆ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਸਵਤੰਤਰ ਨਗਰ ਵਿਚ ਨਿੱਜੀ ਰੰਜਿਸ਼ ਨੂੰ ਲੈ ਕੇ 25 ਸਾਲ ਦੇ ਹਰਜਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਜਵਾਹਰ ਸਿੰਘ ਵਾਸੀ ਚਰਨ ਸਿੰਘ ਨਗਰ ਦੀ ਸ਼ਿਕਾਇਤ ’ਤੇ ਰਵੀ, ਸੰਨੀ ਮਾਲਟਨ, ਬੌਬੀ, ਮੋਹਿਤ, ਬੀਨੂ ਅਤੇ ਇਨ੍ਹਾਂ ਦੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ। ਹਾਲਾਂਕਿ, ਪੁਲਿਸ ਵਲੋਂ ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ, ਪਰ ਅੱਜ ਤੀਜੇ ਦਿਨ ਵੀ ਪੁਲਿਸ ਵਲੋਂ ਜਦੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਕੀਤੀ ਗਈ ਤਾਂ ਰੋਹ ਵਿਚ ਆਏ ਲੋਕਾਂ ਵਲੋਂ ਪਰਿਵਾਰ ਨਾਲ ਲੁਧਿਆਣਾ ਦਿੱਲੀ ਮੁੱਖ ਸੜਕ ’ਤੇ ਸੁਭਾਸ਼ ਨਗਰ ਚੌਕ ਨੇੜੇ ਧਰਨਾ ਲਗਾ ਦਿੱਤਾ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਿੰਨੀ ਚਿਰ ਤੱਕ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਓਨੀ ਦੇਰ ਤੱਕ ਨਾ ਤਾਂ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਉਸ ਦਾ ਅੰਤਿਮ ਸੰਸਕਾਰ ਕਰਨਗੇ । ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇਕ ਸਹਾਇਕ ਸਬ ਇੰਸਪੈਕਟਰ ਦੀ ਭੂਮਿਕਾ ਵੀ ਸ਼ੱਕੀ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਉਸ ਖ਼ਿਲਾਫ਼ ਵੀ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਸੂਚਨਾ ਮਿਲਦਿਆਂ ਇਲਾਕਾ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀ ਆਪਣੀ ਮੰਗ ’ਤੇ ਅੜੇ ਰਹੇ। ਪ੍ਰਦਰਸ਼ਨ ਕਾਰਨ ਲੁਧਿਆਣਾ-ਦਿੱਲੀ ਮੁੱਖ ਸੜਕ ’ਤੇ ਆਵਾਜਾਈ ਬੁਰੀ ਤਰ੍ਹਾਂ ਨਾਲ ਠੱਪ ਹੋ ਗਈ ਅਤੇ ਪੁਲਿਸ ਵਲੋਂ ਵਾਹਨਾਂ ਨੂੰ ਦੂਜੇ ਰਸਤੇ ਤੋਂ ਕੱਢਿਆ ਗਿਆ। ਦੇਰ ਸ਼ਾਮ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ। ਇਸ ਦੌਰਾਨ ਪੁਲਿਸ ਵਲੋਂ ਮੁੱਖ ਕਥਿਤ ਦੋਸ਼ੀ ਰਵੀ ਕੁਮਾਰ ਦੇ ਪਿਤਾ ਪੁਰਸ਼ੋਤਮ ਕੁਮਾਰ ਨੂੰ ਪਨਾਹ ਦੇਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

 

ਪਿਛਲੀ ਖ਼ਬਰ ਈ.ਡੀ. ਵਲੋਂ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਤੇ ਸਾਬਕਾ ਅਧਿਕਾਰੀਆਂ ਖਿਲਾਫ਼ ਦੋਸ਼ ਪੱਤਰ ਦਾਖ਼ਲ ਅਗਲੀ ਖ਼ਬਰ ਮਮਤਾ ਬੈਨਰਜੀ ਦੇ ਕਾਫ਼ਲੇ ’ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।