ਸੰਗਰੂਰ, ਲੌਂਗੋਵਾਲ, 20 ਅਗਸਤ (ਫੁੱਲ, ਦਮਨ, ਖੰਨਾ, ਵਿਨੋਦ) - ਪੰਜਾਬ ਪੰਜਾਬੀਆਂ ਦਾ ਹੈ ਅਤੇ ਪੰਜਾਬ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਉਣ ਦਾ ਕੰਮ ਹਮੇਸ਼ਾ ਲਈ ਬੰਦ ਹੋਵੇ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਤੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਿਆਉਣਾ, ਗੈਂਗਸਟਰ ਰਾਜ ਖ਼ਤਮ ਕਰਨਾ ਤੇ ਨਸ਼ਿਆਂ ਦਾ ਪਸਾਰ ਖ਼ਤਮ ਕਰਨ ਦਾ ਕੰਮ ਅਗਲੀ ਅਕਾਲੀ ਸਰਕਾਰ ਦੀ ਤਰਜੀਹ ਹੋਣਗੇ । ਇੱਥੇ ਭਾਵੁਕ ਤੇ ਜ਼ੋਰਦਾਰ ਭਾਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਇਰਾਂ ਵਲੋਂ ਗੁਰੂ ਘਰ ਵਿਚ ਦੋ ਵਾਰ ਕੀਤੇ ਹਮਲੇ ਤੋਂ ਕਦੇ ਨਹੀਂ ਡਰਨਗੇ ਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਦੇ 600 ਕੇਸਾਂ ਵਿਚ ਕੋਈ ਵੀ ਕਾਰਵਾਈ ਨਾ ਕਰਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਨੌਤੀ ਦੇਣ ਦੀ ਵੀ ਨਿਖੇਧੀ ਕੀਤੀ । ਹਰਸਿਮਰਤ ਕੌਰ ਬਾਦਲ, ਜੋ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੇਂ ਸ਼ਹੀਦੀ ਦਿਹਾੜੇ ’ਤੇ ਲੌਂਗੋਵਾਲ ਦੇ ਸ਼ਹੀਦ ਭਾਈ ਮਨੀ ਸਿੰਘ ਕਾਲਜ ਵਿਚ ਰੱਖੀ ਪਾਰਟੀ ਦੀ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਵੰਡ ਪਾਊ ਤਾਕਤਾਂ ਤੋਂ ਸੂਬੇ ਦਾ ਖਹਿੜਾ ਛੁਡਾਉਣ ਜੋ ਸੂਬੇ ਨੂੰ ਲੁੱਟ ਰਹੀਆਂ ਹਨ ਅਤੇ ਪੇਪਰ ਲੀਕ ਕਰ ਕੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਰਹੀਆਂ ਹਨ । ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਬੀਬਾ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਚਣ ਕਿ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਘਰ ਵਿਚ ਹਮਲੇ ਕਿਉਂ ਹੋ ਰਹੇ ਹਨ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ 23 ਅਗਸਤ ਤੋਂ ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਵਿਚ ਵਧ ਚੜ੍ਹ ਕੇ ਹਿੱਸਾ ਲੈਣ । ਇਹ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ । ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ‘ਆਪ’ ਸਰਕਾਰ ਨੇ ਕਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮਦਦ ਕੀਤੀ ਤੇ ਆਖ਼ਰੀ ਮੌਕੇ ਅਨਾਜ ਮੰਡੀ ਦਾ ਸ਼ੈੱਡ ਉਨ੍ਹਾਂ ਨੂੰ ਅਲਾਟ ਕਰ ਦਿੱਤਾ ਹਾਲਾਂਕਿ ਅਕਾਲੀ ਦਲ ਨੇ ਇਸ ਦੀ ਪਹਿਲਾਂ ਬੁਕਿੰਗ ਕਰਵਾਈ ਸੀ ਤੇ ਇਸਦੀ ਫੀਸ ਵੀ ਜਮ੍ਹਾਂ ਕਰਵਾਈ ਸੀ । ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੇਂਦਰੀ ਜਾਂਚ ਏਜੰਸੀ ਈ.ਡੀ. ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਲਈ ਲਿਖੇ ਪੱਤਰ ਮੰਚ ਉੱਤੋਂ ਦਿਖਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਈ.ਡੀ. ਦੀਆਂ ਇਨ੍ਹਾਂ ਚਿੱਠੀਆਂ ਦਾ ਖ਼ੁਲਾਸਾ ਕਰਨ ’ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਵਲੋਂ ਮੁਕੱਦਮਾ ਦਰਜ ਕਰਵਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਉਹ ਓ.ਐਸ.ਡੀ. ਦੀਆਂ ਇਨ੍ਹਾਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ । ਵਿਨਰਜੀਤ ਸਿੰਘ ਗੋਲਡੀ ਨੇ ਕਾਨਫ਼ਰੰਸ ਅੰਦਰ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ । ਸੀਨੀਅਰ ਅਕਾਲੀ ਆਗੂ ਅਰਵਿੰਦ ਖੰਨਾ ਨੇ ਕਾਨਫ਼ਰੰਸ ਦੌਰਾਨ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਸਿਰਫ਼ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਨਿਸ਼ਾਨਾ ਮਿੱਥ ਲਿਆ ਹੈ । ਕਾਨਫ਼ਰੰਸ ਨੂੰ ਪਰਮਜੀਤ ਸਿੰਘ ਸਰਨਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਮਿੱਡੂਖੇੜਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੰਤਾ, ਬੀਬੀ ਜ਼ਾਹਿਦਾ ਸੁਲੇਮਾਨ, ਗੁਲਜ਼ਾਰੀ ਮੂਣਕ, ਗਗਨਦੀਪ ਸਿੰਘ ਖੰਡੇਬਾਦ, ਨਾਥ ਸਿੰਘ ਹਮੀਦੀ, ਬਲਬੀਰ ਸਿੰਘ ਘੁੰਨਸ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਭੁਪਿੰਦਰ ਸਿੰਘ ਭਲਵਾਨ, ਰਣਜੀਤ ਸਿੰਘ ਰੰਧਾਵਾ ਅਤੇ ਜੱਸੀ ਮਨਵੀ ਨੇ ਵੀ ਸੰਬੋਧਨ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬ ਪੰਜਾਬੀਆਂ ਦਾ ਹੈ, ਦਿੱਲੀ ਦਾ ਰਿਮੋਟ ਕੰਟਰੋਲ ਹਮੇਸ਼ਾ ਲਈ ਖ਼ਤਮ ਕਰੋ-ਹਰਸਿਮਰਤ ਕੌਰ ਬਾਦਲ
ਸੰਗਰੂਰ, ਲੌਂਗੋਵਾਲ, 20 ਅਗਸਤ (ਫੁੱਲ, ਦਮਨ, ਖੰਨਾ, ਵਿਨੋਦ) - ਪੰਜਾਬ ਪੰਜਾਬੀਆਂ ਦਾ ਹੈ ਅਤੇ ਪੰਜਾਬ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਉਣ ਦਾ ਕੰਮ ਹਮੇਸ਼ਾ ਲਈ ਬੰਦ ਹੋਵੇ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ....
ਅਜੀਤ ਡੈਸਕ
21-08-2026