01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ’ਚ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਵਾਧਾ ਦਰਜ-ਗੋਇਲ

ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਵੱਡਾ ਸੁਧਾਰ ਹੋਇਆ ਹੈ| ਉਨ੍ਹਾਂ ਦੱਸਿਆ ਕਿ ...

ਅਜੀਤ ਡੈਸਕ 01-09-2026

ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਵੱਡਾ ਸੁਧਾਰ ਹੋਇਆ ਹੈ| ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਿਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਦਰਜ ਕੀਤਾ ਗਿਆ|

ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿਚ 152.22 ਫ਼ੀਸਦੀ ਰਹਿ ਗਈ ਹੈ ਜਦੋਂਕਿ ਮੁਲਾਂਕਣ ਕੀਤੇ ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਹੋ ਗਈ ਹੈ ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ|

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੇਂਦਰੀ ਭੂਮੀਗਤ ਜਲ ਬੋਰਡ ਵਲੋਂ ਜਾਰੀ ਤਾਜ਼ਾ ਮੁਲਾਂਕਣ ਵਿਚ ਦਰਜ ਕੀਤਾ ਗਿਆ ਸੁਧਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਸੰਬੰਧੀ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਤਾਜ਼ਾ ਭੂਮੀਗਤ ਅੰਕੜੇ ਸਾਡੇ ਯਤਨਾਂ ਦੀ ਮਹੱਤਤਾ ਨੂੰ ਦਰਸਾਉਂਦੇ ਹਨ| ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਸਾਲਾਨਾ ਦਰ ਸਾਲ 2022 ਦੇ 28.02 ਬਿਲੀਅਨ ਕਿਊਬਿਕ ਮੀਟਰ (ਬੀ.ਸੀ.ਐਮ.) ਤੋਂ ਘਟ ਕੇ ਸਾਲ 2026 ਵਿਚ 26.32 ਬਿਲੀਅਨ ਕਿਊਬਿਕ ਮੀਟਰ (ਬੀ.ਸੀ.ਐਮ.) ਰਹਿ ਗਈ ਹੈ ਜਦਕਿ ਧਰਤੀ ਹੇਠਲੇ ਪਾਣੀ ਦੇ ਸਮੁੱਚੇ ਪੱਧਰ ਵਿਚ ਵੀ ਅਹਿਮ ਗਿਰਾਵਟ ਦਰਜ ਕੀਤੀ ਗਈ ਹੈ| ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇਕ ਵੱਡੀ ਪ੍ਰਾਪਤੀ ਹੈ|

ਦਹਾਕਿਆਂ ਤੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਲਗਾਤਾਰ ਗਿਰਾਵਟ ਆ ਰਹੀ ਸੀ| ਇਹ ਪਹਿਲੀ ਵਾਰ ਹੈ ਕਿ ਅਸੀਂ ਇਸ ਵਿਚ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਸੰਬੰਧੀ 153 ਬਲਾਕਾਂ ਨੂੰ ਸੁਰੱਖਿਅਤ, ਅਰਧ-ਨਾਜ਼ੁਕ, ਨਾਜ਼ੁਕ ਅਤੇ ਅਤਿ ਸ਼ੋਸ਼ਿਤ ਬਲਾਕਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ|

ਉਨ੍ਹਾਂ ਦੱਸਿਆ ਕਿ ਤਾਜ਼ਾ ਮੁਲਾਂਕਣ ਮੁਤਾਬਿਕ ਪਹਿਲਾਂ ਅਤਿ ਸ਼ੋਸ਼ਿਤ ਬਲਾਕਾਂ ਅਤੇ ਨਾਜ਼ੁਕ ਬਲਾਕਾਂ ਵਿਚ ਆਉਣ ਵਾਲੇ ਕਈ ਬਲਾਕਾਂ ’ਚ ਪਾਣੀ ਦੇ ਪੱਧਰ ’ਚ ਸੁਧਾਰ ਹੋਇਆ ਹੈ ਅਤੇ ਉਹ ਬਿਹਤਰ ਸ਼੍ਰੇਣੀਆਂ ਵਿਚ ਆ ਗਏ ਹਨ| ਇਸ ਮੌਕੇ ਸ਼ੇਰ ਸਿੰਘ, ਮੁੱਖ ਇੰਜੀਨੀਅਰ (ਕੈਨਾਲ ਤੇ ਗਰਾਊਂਡਵਾਟਰ), ਮਨੋਜ ਬਾਂਸਲ, ਨਿਗਰਾਨ ਇੰਜੀਨੀਅਰ (ਗਰਾਊਂਡਵਾਟਰ) ਸਣੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ|

ਪਿਛਲੀ ਖ਼ਬਰ ਕੌਮੀ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਅਗਲੀ ਖ਼ਬਰ ਏ.ਬੀ.ਵੀ.ਪੀ. ਨੇ ਜਿੱਤੀ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।