ਰਾਮ ਤੀਰਥ (ਅੰਮ੍ਰਿਤਸਰ), 26 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਅੱਜ ਭਗਵਾਨ ਵਾਲਮੀਕਿ ਤੀਰਥ ਸਥਲ ਰਾਮ ਤੀਰਥ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦੀ ਅਪੀਲ ਕੀਤੀ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਨੇਕੀ ਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੇ ਵਿਚਾਰਾਂ ਤੋਂ ਸੇਧ ਲੈ ਕੇ ਸਮਾਜ ’ਚ ਬਰਾਬਰੀ, ਭਾਈਚਾਰਕ ਸਾਂਝ ਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 77 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਨਿਯੁਕਤੀਆਂ ਲਈ ਨੌਜਵਾਨਾਂ ਨੂੰ ਨਾ ਤਾਂ ਕਿਸੇ ਕਿਸਮ ਦੀ ਰਿਸ਼ਵਤ ਦੇਣੀ ਪਈ ਹੈ ਤੇ ਨਾ ਹੀ ਕਿਸੇ ਦੀ ਸਿਫ਼ਾਰਸ਼ ਦੀ ਲੋੜ ਪਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ 10.54 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਇਨ੍ਹਾਂ ਕਾਰਜਾਂ ’ਚ ਪਵਿੱਤਰ ਸਰੋਵਰ ਦੀ ਸਫ਼ਾਈ, ਮੁੱਖ ਮੰਦਰ ਤੇ ਪਰਿਕਰਮਾ ਦੀ ਵਿਸ਼ੇਸ਼ ਮੁਰੰਮਤ, ਮੁੱਖ ਮੰਦਰ ਕੰਪਲੈਕਸ ’ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਾਊਂਡ ਸਿਸਟਮ ਤੇ ਏ. ਸੀ. ਸਿਸਟਮ ਦੀ ਵਿਵਸਥਾ ਕਰਨ ਦੇ ਨਾਲ-ਨਾਲ ਸੀਵਰੇਜ ਟਰੀਟਮੈਂਟ ਪਲਾਂਟ ਨਾਲ ਸੰਬੰਧਿਤ ਕੰਮ ਸ਼ਾਮਿਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਸਮੇਂ ’ਚ ਭਗਵਾਨ ਵਾਲਮੀਕਿ ਆਸ਼ਰਮ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਦਲਬੀਰ ਸਿੰਘ ਟੌਂਗ, ਐਡਵਾਈਜ਼ਰੀ ਬੋਰਡ ਆਫ਼ ਸ਼੍ਰਾਈਨ ਬੋਰਡ ਦੇ ਚੇਅਰਮੈਨ ਬਾਲ ਜੋਗੀ ਸੰਤ ਪ੍ਰਗਟ ਨਾਥ ਰਹੀਮਪੁਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਵਿਧਾਇਕਾ ਜੀਵਨਜੋਤ ਕੌਰ, ਸੰਤ ਗਿਰਧਾਰੀ ਨਾਥ, ਸੋਨੀਆ ਮਾਨ, ਰਵਿੰਦਰ ਹੰਸ, ਵਿਜੇ ਦਾਨਵ, ਕਸ਼ਮੀਰ ਸਿੰਘ ਖਿਆਲਾ, ਡਾ. ਭਗਵੰਤ ਸਿੰਘ ਖਿਆਲਾ, ਸਰਪੰਚ ਲਾਲੀ ਸਾਰੰਗੜਾ, ਰਾਜਬੀਰ ਸਿੰਘ ਤੋਲਾ ਨੰਗਲ, ਸਰਪੰਚ ਗੁਰਮੁਖ ਸਿੰਘ ਕਲੇਰ, ਦਲਜੀਤ ਸਿੰਘ ਸਿੱਧੂ ਬਲੱਗਣ, ਸੁਖਚੈਨ ਸਿੰਘ ਬਰਾੜ, ਸੁਖਵਿੰਦਰ ਸਿੰਘ ਫੌਜੀ, ਨਾਮਧਾਰੀ ਸੰਤ ਜਸਬੀਰ ਸਿੰਘ ਖਿਆਲਾ ਤੇ ਐਡਵੋਕੇਟ ਚੰਦ ਪੱਧਰੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਕਰ ਰਹੇ ਹਾਂ ਵਿਕਸਿਤ-ਮੁੱਖ ਮੰਤਰੀ
ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਕਰ ਰਹੇ ਹਾਂ ਵਿਕਸਿਤ-ਮੁੱਖ ਮੰਤਰੀ
ਅਜੀਤ ਡੈਸਕ
27-10-2026