ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ ਸੀਟ
ਨਵੀੰ ਦਿੱਲੀ, 28 ਅਕਤੂਬਰ (ਉਪਮਾ ਡਾਗਾ ਪਾਰਥ)-ਭਾਜਪਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇਕ ਵਾਰ ਫਿਰ ਰਾਜ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਮੋਦੀ ਮੰਤਰੀ ਮੰਡਲ ’ਚ ਬਣੇ ਰਹਿਣ ਦੀ ਸੰਭਾਵਨਾ ਹੋਰ ਤਿੱਖੀ ਹੋ ਗਈ ਹੈ। ਭਾਜਪਾ ਦੇ ਕੇਂਦਰੀ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਿਕ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਮੱਧ ਪ੍ਰਦੇਸ਼ ’ਚ ਹੋਣ ਵਾਲੀ ਰਾਜ ਸਭਾ ਜ਼ਿਮਨੀ ਚੋਣਾਂ 2026 ਲਈ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਪੁਰੀ ਫਿਲਹਾਲ ਕੇਂਦਰ ’ਚ ਪੈਟਰੋਲੀਅਮ ਮੰਤਰੀ ਹਨ। ਮੱਧ ਪ੍ਰਦੇਸ਼ ’ਚ ਇਹ ਸੀਟ ਕੇਂਦਰੀ ਮੰਤਰੀ ਐਲ. ਮੁਰੂਗਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਇਥੇ 12 ਨਵੰਬਰ ਨੂੰ ਜ਼ਿਮਨੀ ਚੋਣ ਹੋਵੇਗੀ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਾਰੀਖ 2 ਨਵੰਬਰ ਹੈ। ਪੁਰੀ ਪਹਿਲਾਂ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ। ਉਨ੍ਹਾਂ ਦਾ ਮੌਜੂਦਾ ਰਾਜ ਸਭਾ ਦਾ ਕਾਰਜਕਾਲ ਨਵੰਬਰ ’ਚ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਉੱਤਰ ਪ੍ਰਦੇਸ਼ ’ਚ ਹੋਈਆਂ ਰਾਜ ਸਭਾ ਚੋਣਾਂ ਲਈ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ, ਉਸ ਵੇਲੇ ਉਸ ’ਚ ਹਰਦੀਪ ਪੁਰੀ ਦਾ ਨਾਂਅ ਨਹੀਂ ਸੀ। ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਪੁਰੀ ਦਾ ਨਾਂਅ ਐਪਸਟੀਨ ਦੇ ਨਾਲ ਜੁੜਨ ਕਾਰਨ ਵਿਵਾਦਾਂ ’ਚ ਸੀ। ਜਿਸ ’ਤੇ ਇਹ ਕਿਆਸ ਲਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਬਾਹਰ ਭੇਜਿਆ ਜਾ ਸਕਦਾ ਹੈ ਪਰ ਹੁਣ ਰਾਜ ਸਭਾ ਉਮੀਦਵਾਰ ਐਲਾਨਣ ਤੋਂ ਬਾਅਦ ਉਨ੍ਹਾਂ ਦੇ ਮੰਤਰੀ ਮੰਡਲ ’ਚ ਬਣੇ ਰਹਿਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ।