ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਖਿਲਾਫ ਕੀਤੇ ਪੁਲਿਸ ਕੇਸਾਂ ਤੋਂ ਬਾਅਦ ਅੱਜ ਯੂ ਟਿਊਬ ਚੈਨਲ ਲੋਕ ਆਵਾਜ਼ ਨੂੰ ਬੰਦ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ, ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ, ਇਕਾਈ ਪ੍ਰਧਾਨ ਮਹਿਤਪੁਰ ਸੰਤੋਖ ਸਿੰਘ ਬਾਜਵਾ, ਜਨਰਲ ਸਕੱਤਰ ਜਗਦੀਸ਼ ਸਿੰਘ ਰਾਜਾ, ਜਰਨੈਲ ਸਿੰਘ, ਕਰਨੈਲ ਸਿੰਘ, ਸਰਬਜੀਤ ਸਿੰਘ ਸਾਬੀ ਵਲੋਂ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ 'ਆਪ' ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ ਕਿ ਉਹ ਪੱਤਰਕਾਰਾਂ 'ਤੇ ਪਰਚੇ ਦਰਜ ਕਰ ਰਹੀ ਹੈ | ਇਸ ਸੰਬੰਧੀ ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪਿੰਡਾਂ ਦੀਆਂ ਸੱਥਾਂ 'ਚੋਂ ਚੱਲਣ ਵਾਲੀ ਅਤੇ ਆਮ ਘਰਾਂ ਦੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਖਾਸ ਦੁਨੀਆਂ ਤੋਂ ਅੱਗੇ ਲੰਘ ਗਈ ਹੈ | ਲੋਕਾਂ ਦੀ ਆਵਾਜ਼ ਚੁੱਕਣ ਵਾਲੇ ਪੱਤਰਕਾਰਾਂ ਖਿਲਾਫ ਪਰਚੇ ਦਰਜ ਕਰਕੇ ਪੰਜਾਬ ਸਰਕਾਰ ਸੱਚ ਦੀ ਆਵਾਜ਼ ਨੂੰ ਬੰਦ ਕਰਨਾ ਚਾਹੁੰਦੀ ਹੈ ਜਿਸ ਦੀ ਯੂਨੀਅਨ ਵਲੋਂ ਸਰਕਾਰ ਦੀ ਨਿੰਦਾ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕੀਤੇ ਜਾਣ | ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਪਿ੍ੰਸੀਪਲ ਪਿਆਰਾ ਸਿੰਘ ਦੀ ਲੰਬੀ ਬਿਮਾਰੀ ਤੋਂ ਅਕਾਲ ਚਲਾਣੇ 'ਤੇ ਸੋਕ ਮਤੇ ਰਾਹੀਂ ਕਿਹਾ ਗਿਆ ਕਿ ਜਮਹੂਰੀ ਟਰੇਡ ਯੂਨੀਅਨ ਆਗੂ ਦੇ ਤੁਰ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ |