ਰਾਮਗੜ੍ਹ ਸੀਕਰੀ, 22 ਜਨਵਰੀ (ਕਟੋਚ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਦੀ ਹੁਸ਼ਿਆਰਪੁਰ ਫੇਰੀ ਦੌਰਾਨ ਉਨ੍ਹਾਂ ਦਾ ਸਵਾਗਤ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਜਾਵੇਗਾ ਤਾਂ ਜੋ ਚੋਣਾਂ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਵਾਅਦੇ ਨੂੰ ਯਾਦ ਕਰਵਾਇਆ ਜਾ ਸਕੇ | ਇਸ ਪ੍ਰੋਗਰਾਮ ਸਬੰਧੀ ਸੂਬਾ ਕਮੇਟੀ ਕਨਵੀਨਰ ਜਸਵੀਰ ਤਲਵਾੜਾ ਦੀ ਪ੍ਰਧਾਨਗੀ 'ਚ ਹੋਈ ਬੈਠਕ ਵਿੱਚ ਕੀਤੇ ਫੈਸਲੇ ਸੰਬੰਧੀ ਗੱਲਬਾਤ ਕਰਦਿਆਂ ਕਮੇਟੀ ਦੇ ਆਗੂਆਂ ਵਰਿੰਦਰ ਵਿੱਕੀ, ਸੱਤ ਪ੍ਰਕਾਸ਼ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ 'ਚ ਆਇਆਂ ਕਰੀਬ 4 ਸਾਲ ਹੋ ਚੁੱਕੇ ਹਨ ਅਤੇ ਚੋਣਾਂ ਦੌਰਾਨ ਸੂਬੇ ਦੇ ਕਰੀਬ 2 ਲੱਖ ਕਰਮਚਾਰੀ ਨਾਲ ਪੁਰਾਣੀ ਪੈਨਸ਼ਨ ਬਹਾਨ ਕਰਨ ਦਾ ਜੋ ਵਾਅਦਾ ਸਰਕਾਰ ਨੇ ਕੀਤਾ ਸੀ ਉਹ ਅਜੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਸੂਬਾ ਕਨਵਿੰਦਰ ਜਸਵੀਰ ਤਲਵਾੜਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਲਈ ਕਰਮਚਾਰੀਆਂ ਦੀ ਲਾਮਬੰਦੀ ਕੀਤੀ ਜਾਵੇਗੀ ਤਾਂ ਜੋ ਜੋਰਦਾਰ ਪ੍ਰਦਰਸ਼ਨ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਜਾ ਸਕੇ | ਇਸ ਮੌਕੇ ਸ਼ਸ਼ੀ ਕਾਂਤ, ਨਰੇਸ਼ ਕੁਮਾਰ, ਮਿੱਢਾ, ਯਾਦਵਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ |