ਮਾਹਿਲਪੁਰ, 22 ਜਨਵਰੀ (ਰਜਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐੱਫ ਯੂਨੀਅਨ ਵਲੋਂ ਗਣਤੰਤਰ ਦਿਹਾੜੇ ਦੇ ਮੌਕੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹੁਸ਼ਿਆਰਪੁਰ ਫੇਰੀ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਨਰਿੰਦਰ ਅਜਨੋਹਾ ਅਤੇ ਪਰਮਜੀਤ ਕਾਤਿਬ ਨੇ ਮਾਹਿਲਪੁਰ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ 'ਚ ਕਿਹਾ ਕਿ ਪੰਜਾਬ ਵਿਚ 'ਆਪ' ਸਰਕਾਰ ਨੂੰ ਸੱਤਾ ਵਿਚ ਆਏ ਚਾਰ ਸਾਲ ਹੋ ਗਏ ਹਨ ਅਤੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰ ਨੇ 2004 ਤੋਂ ਬਾਅਦ ਸਰਕਾਰੀ ਸੇਵਾ ਵਿਚ ਆਏ ਲਗਭਗ ਦੋ ਲੱਖ ਕਰਮਚਾਰੀਆਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜੋ ਅੱਜ ਤੱਕ ਲਾਗੂ ਨਹੀਂ ਹੋਇਆ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸੂਬਾ ਆਗੂ ਵਰਿੰਦਰ ਵਿੱਕੀ, ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਜੀ.ਟੀ.ਯੂ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ 3 ਸਾਲ ਬੀਤਣ ਉਪਰੰਤ ਵੀ ਕਰਮਚਾਰੀਆਂ ਦੇ ਐਨ.ਪੀ.ਐਸ ਖਾਤੇ ਬੰਦ ਕਰਕੇ ਜੀ.ਪੀ.ਐੱਫ ਖਾਤੇ ਵੀ ਨਹੀਂ ਖੋਲ੍ਹੇ ਗਏ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਮੁੱਖ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਲਈ ਬਲਾਕਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ | ਇਸ ਮੌਕੇ ਉਂਕਾਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਸਗਲੀ ਰਾਮ, ਅਜੇ ਕੁਮਾਰ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਲਹਿੰਬਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |