ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ) ਸਿਹਤ ਖੇਤਰ ਵਿਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਿਲ ਕੀਤਾ ਹੈ | ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵਲੋਂ ਚੰਡੀਗੜ੍ਹ 'ਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫ਼ਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ਼ ਫੀਸਬੈਡ ਵਿਚ ਪੂਰੇ ਪੰਜਾਬ 'ਚ ਵਧੀਆ ਪ੍ਰਦਰਸ਼ਨ ਦੇ ਲਈ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਹੁਸ਼ਿਆਰਪੁਰ ਦੇ ਐਕਟਿੰਗ ਸਿਵਲ ਸਰਜਨ ਅਤੇ ਆਮ ਆਦਮੀ ਕਲੀਨਿਕ ਦੇ ਨੋਡਲ ਅਫ਼ਸਰ ਡਾ. ਸੀਮਾ ਗਰਗ ਨੇ ਪ੍ਰਾਪਤ ਕੀਤਾ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਟੀਮ ਵਰਕ ਅਤੇ ਜਨਤਕ ਵਿਸ਼ਵਾਸ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਦਰਵਾਜ਼ੇ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਸ਼ੇਸ਼ ਤੌਰ 'ਤੇ ਐਕਟਿੰਗ ਸਿਵਲ ਸਰਜਨ ਅਤੇ ਨੋਡਲ ਅਫ਼ਸਰ ਡਾ. ਸੀਮਾ ਗਰਗ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਕੁਸ਼ਲ ਅਗਵਾਈ, ਤਾਲਮੇਲ ਯੋਗਤਾ ਅਤੇ ਸੇਵਾ ਭਾਵਨਾ ਕਾਰਨ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ 74 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਹਰੇਕ ਕਲੀਨਿਕ ਵਿਚ ਇੱਕ ਮੈਡੀਕਲ ਅਫ਼ਸਰ, ਫਾਰਮੇਸੀ ਅਫ਼ਸਰ, ਕਲੀਨੀਕਲ ਸਹਾਇਕ ਅਤੇ ਸਹਾਇਕ ਸਟਾਫ਼ ਹੁੰਦਾ ਹੈ | ਇੱਥੇ ਜ਼ਰੂਰੀ ਟੈੱਸਟ ਅਤੇ 102 ਕਿਸਮਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਆਮ ਆਦਮੀ ਕਲੀਨਿਕ ਦੀ ਐਕਟਿੰਗ ਸਿਵਲ ਸਰਜਨ ਅਤੇ ਨੋਡਲ ਅਫ਼ਸਰ ਡਾ. ਸੀਮਾ ਗਰਗ ਨੇ ਕਿਹਾ ਕਿ ਗਰਭਵਤੀ ਅÏਰਤਾਂ ਨੂੰ ਅਲਟਰਾਸਾਊਾਡ ਅਤੇ ਲੈਵਲ-2 ਸਕੈਨ ਪੈਨਲ ਵਿਚ ਸ਼ਾਮਿਲ ਅਲਟਰਾਸਾਊਾਡ ਕੇਂਦਰਾਂ 'ਤੇ ਪੂਰੀ ਤਰ੍ਹਾਂ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ 'ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਬੋਤਮ ਪ੍ਰਦਰਸ਼ਨ
ਅਜੀਤ ਡੈਸਕ
19-02-2026