ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਬੀ.ਐੱਡ ਅਧਿਆਪਕ ਫ਼ਰੰਟ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾ: ਸੁਰਜੀਤ ਰਾਜਾ, ਸੀਨੀਅਰ ਮੀਤ ਪ੍ਰਧਾਨ ਉਪਕਾਰ ਪੱਟੀ, ਮੀਤ ਪ੍ਰਧਾਨ ਪਰਮਜੀਤ ਸਿੰਘ ਮਾਹਿਲਪੁਰ, ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਬੁੱਲ੍ਹੋਵਾਲ ਦੀ ਅਗਵਾਈ 'ਚ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਹੋਈ, ਜਿਸ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਉਲੀਕੇ ਸੰਘਰਸ਼ ਦਾ ਸਮਰਥਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ 'ਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਰੋਹ ਭੜਕ ਗਿਆ ਹੈ, ਜਿਸ ਤਹਿਤ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫੂਕ ਪ੍ਰਦਰਸ਼ਨ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣਗੇ ਅਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ. ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ |