ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰੂ ਕ੍ਰਿਪਾ ਵੈੱਲਫੇਅਰ ਸੁਸਾਇਟੀ ਜੱਲੋਵਾਲ ਖਨੂਰ ਵਲੋਂ ਡਾਇਮੰਡ ਕਲੱਬ ਆਫ਼ ਕੈਲੇਫੋਰਨੀਆ, ਐਨ.ਆਰ. ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੂਸਰਾ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 21 ਫਰਵਰੀ ਦਿਨ ਸਨਿਚਰਵਾਰ ਨੂੰ ਦੁਪਹਿਰ 12 ਵਜੇ ਤੋਂ ਰਾਤ 9 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦੀ ਗਰਾਊਾਡ 'ਚ ਕਰਵਾਇਆ ਜਾ ਰਿਹਾ ਹੈ | ਸਮਾਜ ਸੇਵੀ ਦੀਦਾਰ ਸਿੰਘ ਤੇ ਬਲਕਾਰ ਸਿੰਘ ਅਮਰੀਕਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਅਮਰੀਕਾ ਨੇ ਦੱਸਿਆ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ, ਜਦਕਿ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲੇ, ਬੀਬੀ ਦਲੇਰ ਕੌਰ ਖ਼ਾਲਸਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਇਕਬਾਲ ਸਿੰਘ ਹੁਸ਼ਿਆਰਪੁਰ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ |