ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ 32 ਪਿੰਡਾਂ ਨੇ ਸਰਬਸੰਮਤੀ ਨਾਲ ਇੱਕ ਪੰਚਾਇਤ ਚੁਣ ਕੇ ਏਕਤਾ ਅਤੇ ਸਦਭਾਵਨਾ ਦੀ ਇੱਕ ਉਦਾਹਰਣ ਕਾਇਮ ਕੀਤੀ ਹੈ, ਜਿਸ ਲਈ ਸਰਕਾਰ ਨੇ ਉਨ੍ਹਾਂ ਨੂੰ 5-5 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ | ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕੇ ਦੀਆਂ 32 ਪੰਚਾਇਤਾਂ ਨੂੰ ਇਹ ਗ੍ਰਾਂਟਾਂ ਵੰਡਦੇ ਹੋਏ ਵਧਾਈ ਦਿੱਤੀ | ਹਰੇਕ ਪੰਚਾਇਤ ਦੇ ਖਾਤੇ 'ਚ ਸਿੱਧੇ ਤੌਰ 'ਤੇ 5 ਲੱਖ ਦੀ ਰਕਮ ਟਰਾਂਸਫਰ ਕੀਤੀ ਗਈ ਹੈ, ਜਿਸ ਦੀ ਵਰਤੋਂ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਨ ਲਈ ਕੀਤੀ ਜਾਵੇਗੀ | ਇਹ ਰਕਮ ਪਿੰਡਾਂ 'ਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਥਾਨਕ ਤਰਜੀਹਾਂ ਦੇ ਆਧਾਰ 'ਤੇ ਖਰਚ ਕੀਤੀ ਜਾਵੇਗੀ | ਡਾ. ਇਸ਼ਾਂਕ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਰਕਮ ਪੰਚਾਇਤਾਂ ਨੂੰ ਉਨ੍ਹਾਂ ਦੇ ਵਿਕਾਸ ਕਾਰਜਾਂ ਵਿੱਚ ਸਹਾਇਤਾ ਕਰੇਗੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਵਿਕਾਸ ਦਾ ਪ੍ਰਵਾਹ ਹਰ ਪਿੰਡ ਤੱਕ ਪਹੁੰਚੇ | ਇਸ ਮੌਕੇ 'ਤੇ ਮੌਜੂਦ ਸਾਰੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ 5 ਲੱਖ ਰੁਪਏ ਦੀ ਇਹ ਰਕਮ ਪ੍ਰਾਪਤ ਕਰਨ ਨਾਲ ਸਾਨੂੰ ਆਪਣੇ ਪਿੰਡ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਨ ਵਿੱਚ ਬਹੁਤ ਮਦਦ ਮਿਲੇਗੀ | ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੰਚ-ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ |