28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਸਰਗਰਮ- ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਅਜੀਤ ਡੈਸਕ 09-03-2026
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣਾ ਵੀ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਦਾ ਅਹਿਮ ਹਿੱਸਾ ਹੈ | ਇਸੇ ਦਿਸ਼ਾ ਵਿਚ ਕਮਿਸ਼ਨ ਵਲੋਂ ਇਕ ਮਹੱਤਵਪੂਰਨ ਸਲਾਹ ਜਾਰੀ ਕੀਤੀ ਗਈ ਹੈ ਜਿਸ ਤਹਿਤ ਹੁਣ 112 ਨੰਬਰ 'ਤੇ ਕਾਲ ਕਰਕੇ ਗੰਭੀਰ ਮਰੀਜ਼ਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੀ ਐਂਬੂਲੈਂਸ ਲਈ ਪੁਲਿਸ ਪਾਇਲਟ ਉਪਲਬਧ ਕਰਵਾਇਆ ਜਾਵੇਗਾ | ਇਸ ਨਾਲ ਐਂਬੂਲੈਂਸ ਨੂੰ ਟਰੈਫ਼ਿਕ ਤੋਂ ਰਾਹਤ ਮਿਲੇਗੀ ਅਤੇ ਮਰੀਜ਼ ਨੂੰ ਘੱਟ ਸਮੇਂ ਵਿਚ ਹਸਪਤਾਲ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ | ਪਦਮਸ਼੍ਰੀ ਸ਼ੰਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਨੁੱਖੀ ਅਧਿਕਾਰ ਜਾਗਰੂਕਤਾ ਤੇ ਸ਼ਿਕਾਇਤਾਂ ਦੇ ਹੱਲ ਲਈ ਆਯੋਜਿਤ ਖੁੱਲ੍ਹੀ ਸੁਣਵਾਈ ਕੈਂਪ ਦੌਰਾਨ ਅਧਿਕਾਰੀਆਂ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰ ਰਹੇ ਸਨ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਇਸ ਮੌਕੇ ਮੀਟਿੰਗ ਵਿਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਏ.ਆਈ.ਜੀ.-ਕਮ-ਸੁਪਰਡੈਂਟ ਕੇਂਦਰੀ ਜੇਲ੍ਹ ਸਤਨਾਮ ਸਿੰਘ, ਐੱਸ.ਪੀ. ਨਵਨੀਤ ਕੌਰ, ਐੱਸ.ਡੀ.ਐੱਮ. ਹੁਸ਼ਿਆਰਪੁਰ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਦਸੂਹਾ ਕੰਵਲਜੀਤ ਸਿੰਘ, ਐੱਸ.ਡੀ.ਐੱਮ. ਮੁਕੇਰੀਆਂ ਜਿਓਤਸਨਾ, ਐੱਸ.ਡੀ.ਐੱਮ. ਗੜ੍ਹਸ਼ੰਕਰ ਪਰਮਪ੍ਰੀਤ ਸਿੰਘ, ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਸਿਵਲ ਸਰਜਨ ਡਾ. ਮਨਦੀਪ ਕਮਲ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜਿਕ ਸੇਵਾ ਸੰਸਥਾਵਾਂ (ਐੱਨ.ਜੀ.ਓਜ਼.) ਦੇ ਪ੍ਰਤੀਨਿਧੀ ਮੌਜੂਦ ਰਹੇ | ਮੀਟਿੰਗ ਦੌਰਾਨ ਪੀੜਤਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਬਿੱਲ ਦਾ ਭੁਗਤਾਨ ਨਾ ਹੋਣ ਦੀ ਸਥਿਤੀ ਵਿਚ ਮਰੀਜ਼ ਜਾਂ ਮਿ੍ਤਕ ਦੀ ਬਾਡੀ ਨੂੰ ਨਹੀਂ ਰੋਕ ਸਕੇਗਾ |
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਤੇ ਐੱਸ.ਪੀ. ਨਵਨੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਰੇ ਨਿਰਦੇਸ਼ਾਂ ਨੂੰ ਪੂਰਨ ਰੂਪ ਨਾਲ ਪਾਲਣਾ ਕੀਤੀ ਜਾਵੇਗੀ | ਇਸ ਦੌਰਾਨ ਕਮਿਸ਼ਨ ਮੈਂਬਰ ਦੇ ਸਕੱਤਰ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ, ਪਿੰਡਾਂ ਦੇ ਸਰਪੰਚ ਅਤੇ ਨਾਗਰਿਕ ਮੌਜੂਦ ਸਨ |
ਪਿਛਲੀ ਖ਼ਬਰ ਮੁਬਾਰਿਕਪੁਰ ਸੜਕ 'ਤੇ ਜ਼ਖ਼ਮੀ ਹਾਲਤ 'ਚ ਮਿਲਿਆ ਪ੍ਰਵਾਸੀ ਵਿਅਕਤੀ ਅਗਲੀ ਖ਼ਬਰ 'ਆਪ' ਨੇ ਮਹਿਲਾ ਦਿਵਸ ਮੌਕੇ 'ਤੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਪੂਰਾ- ਟਿੰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।