ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ | ਇਹ ਹੁਕਮ 31 ਮਈ ਤੱਕ ਲਾਗੂ ਰਹੇਗਾ | ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਅਤੇ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ | ਇਸ ਤਰ੍ਹਾਂ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੀ ਨਿਰਧਾਰਿਤ ਮਾਪਦੰਡਾਂ ਤੋਂ ਵਧਣ ਦੀ ਸੰਭਾਵਨਾ ਹੁੰਦੀ ਹੈ | ਅਜਿਹੀ ਕਣਕ ਖ਼ਰੀਦ ਏਜੰਸੀਆਂ ਖ਼ਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ, ਜਿਸ ਕਰਕੇ ਹੁਕਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ |