ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ 'ਚ ਸੇਵਾ ਨਿਭਾਅ ਰਹੀਆਂ ਸਟਾਫ਼ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮਿਤੀ 26 ਮਾਰਚ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਸਰਕਾਰ ਅਤੇ ਵਿਭਾਗ ਵਲੋਂ ਇਨ੍ਹਾਂ ਸਟਾਫ਼ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖ਼ਤਿਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਮੈਡੀਕਲ ਕਾਲਜਾਂ 'ਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ਼ ਨਰਸਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਨਰਸਾਂ 'ਤੇ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ | ਪ.ਸ.ਸ.ਫ. ਦੇ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਸਰਕਾਰ ਅਤੇ ਡੀ.ਆਰ.ਐਮ.ਈ. ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਅਤੇ ਐਸਮਾ ਨੂੰ ਰੱਦ ਨਾ ਕੀਤਾ ਗਿਆ ਤਾਂ ਇਸ ਆਮ ਆਦਮੀਆਂ ਦੀ ਸਰਕਾਰ, ਉਚੇਰੀ ਸਿੱਖਿਆ ਸਿਹਤ ਮੰਤਰੀ ਨੂੰ ਸਮੁੱਚੇ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ |