ਦਸੂਹਾ, 7 ਮਈ (ਭੁੱਲਰ)- ਕੇ.ਐਮ.ਐੱਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦੇ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਕਾਲਜ ਵਲੋਂ ਵਿਦਿਆਰਥੀਆਂ ਲਈ ਦੋ ਮਹੀਨੇ ਦੇ ਫ਼ਰੀ ਕੋਰਸ ਸ਼ੁਰੂ ਕੀਤੇ ਗਏ ਤੇ ਮੁਫ਼ਤ ਸਟੱਡੀ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਦਾ ਵਿਦਿਆਰਥੀ ਭਰਪੂਰ ਲਾਭ ਉਠਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਤਿੰਨ ਪ੍ਰਮੁੱਖ ਫ਼ਰੀ ਕੋਰਸ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਕੰਪਿਊਟਰ ਕੋਰਸ, ਸਟਿਚਿੰਗ ਐਂਡ ਟੇਲਰਿੰਗ ਕੋਰਸ ਅਤੇ ਬਿਊਟੀਸ਼ੀਅਨ ਕੋਰਸ ਸ਼ਾਮਿਲ ਹਨ | ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਨਵੀਆਂ ਤਕਨੀਕਾਂ ਅਤੇ ਵਿਹਾਰਿਕ ਜਾਣਕਾਰੀ ਹਾਸਲ ਕਰ ਰਹੇ ਹਨ | ਕੰਪਿਊਟਰ ਕੋਰਸ ਵਿਚ ਵਿਦਿਆਰਥੀਆਂ ਨੂੰ ਬੇਸਿਕ ਕੰਪਿਊਟਰ ਗਿਆਨ, ਐਮ.ਐੱਸ ਆਫ਼ਿਸ, ਇੰਟਰਨੈੱਟ ਅਤੇ ਡਿਜੀਟਲ ਸਕਿਲਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਜਦਕਿ ਸਟੀਚਿੰਗ ਐਂਡ ਟੇਲਰਿੰਗ ਕੋਰਸ ਵਿਚ ਨਵੇਂ ਡਿਜ਼ਾਈਨ, ਸਿਲਾਈ ਤੇ ਕੱਪੜਿਆਂ ਦੀ ਡਿਜ਼ਾਇਨਿੰਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਇਸੇ ਤਰ੍ਹਾਂ ਬਿਊਟੀਸ਼ੀਅਨ ਕੋਰਸ ਵਿਚ ਵਿਦਿਆਰਥੀਆਂ ਨੂੰ ਬਿਊਟੀ ਟਰੀਟਮੈਂਟ, ਮੇਕਅੱਪ ਅਤੇ ਸੈਲੂਨ ਸੰਬੰਧੀ ਵਿਹਾਰਿਕ ਟਰੇਨਿੰਗ ਦਿੱਤੀ ਜਾ ਰਹੀ ਹੈ | ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਇਨ੍ਹਾਂ ਕੋਰਸਾਂ ਪ੍ਰਤੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਇਨ੍ਹਾਂ ਕਲਾਸਾਂ ਵਿਚ ਹਿੱਸਾ ਲੈ ਰਹੇ ਹਨ | ਵਿਦਿਆਰਥੀਆਂ ਨੇ ਵੀ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਫ਼ਰੀ ਕਲਾਸਾਂ ਰਾਹੀਂ ਉਨ੍ਹਾਂ ਨੂੰ ਨਵੀਆਂ ਸਕਿੱਲ ਸਿੱਖਣ ਅਤੇ ਆਪਣੇ ਆਤਮਵਿਸ਼ਵਾਸ ਨੂੰ ਵਧਾਉਣ ਦਾ ਮੌਕਾ ਮਿਲ ਰਿਹਾ ਹੈ | ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਕੇ.ਐਮ.ਐੱਸ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਦੇ ਨਾਲ-ਨਾਲ ਵਿਹਾਰਿਕ ਤੇ ਰੋਜ਼ਗਾਰ ਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣ ਅਤੇ ਆਪਣੇ ਭਵਿੱਖ ਨੂੰ ਉੱਜਵਲ ਬਣਾ ਸਕਣ |