ਜਗਰਾਉਂ, 21 ਜਨਵਰੀ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਬੁੱਧਵਾਰ ਨੂੰ ਆਪ੍ਰੇਸ਼ਨ ਪ੍ਰਹਾਰ ਦੇ ਤਹਿਤ ਜ਼ਿਲ੍ਹੇ ਭਰ ਵਿਚ ਹਾਈਟੈਕ ਨਾਕੇ ਲਗਾ ਕੇ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਨਾਕਿਆਂ ਤੋਂ ਗੁਜ਼ਰ ਰਹੇ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਜਗਰਾਉਂ ਦੇ ਸ਼ੇਰਪੁਰਾ ਰੋਡ 'ਤੇ ਲਗਾਏ ਗਏ ਹਾਈਟੈਕ ਨਾਕੇ 'ਤੇ ਖੁਦ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ, ਡੀ.ਐੱਸ.ਪੀ. ਸਿਟੀ ਜਸਵਿੰਦਰ ਸਿੰਘ ਢੀਂਡਸਾ ਅਤੇ ਸਿਟੀ ਐੱਸ.ਐੱਚ.ਓ. ਪਰਮਿੰਦਰ ਸਿੰਘ ਮੌਜੂਦ ਰਹੇ ਅਤੇ ਪੂਰੀ ਕਾਰਵਾਈ ਦੀ ਨਿਗਰਾਨੀ ਕਰਦੇ ਨਜ਼ਰ ਆਏ | ਨਾਕਾਬੰਦੀ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਡਾ. ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿਚ 72 ਘੰਟਿਆਂ ਲਈ ਵਿਸ਼ੇਸ਼ ਮੁਹਿੰਮ ਆਪ੍ਰੇਸ਼ਨ ਪ੍ਰਹਾਰ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦਾ ਮਕਸਦ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਅਪਰਾਧੀਆਂ, ਗੈਂਗਸਟਰਾਂ ਅਤੇ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਮਦਦ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ | ਐੱਸ.ਐੱਸ.ਪੀ. ਨੇ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਨਾ ਸਿਰਫ਼ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਸਗੋਂ ਜ਼ਿਲ੍ਹੇ ਭਰ ਵਿਚ ਨਾਕਾਬੰਦੀ ਕਰਕੇ ਸ਼ੱਕੀ ਅਤੇ ਸ਼ਰਾਰਤੀ ਤੱਤਾਂ ਨੂੰ ਕਾਬੂ ਕੀਤਾ ਹੈ | ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਮੰਗਲਵਾਰ ਸਵੇਰ ਤੋਂ ਸ਼ੁਰੂ ਹੋਏ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਤੋਂ ਕਰੀਬ 40 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ | ਇਸ ਤੋਂ ਬਾਅਦ ਬੁੱਧਵਾਰ ਨੂੰ ਵੀ 25 ਹੋਰ ਵਿਅਕਤੀ ਕਾਬੂ ਕੀਤੇ ਗਏ | ਇਸ ਤਰ੍ਹਾਂ ਹੁਣ ਤੱਕ ਕੁੱਲ 65 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਨਾਲ ਗਹਿਰੀ ਪੁੱਛਗਿੱਛ ਕੀਤੀ ਜਾ ਰਹੀ ਹੈ | ਡਾ: ਅੰਕੁਰ ਗੁਪਤਾ ਨੇ ਸਪਸ਼ਟ ਕੀਤਾ ਕਿ ਆਪ੍ਰੇਸ਼ਨ ਪ੍ਰਹਾਰ ਵੀਰਵਾਰ ਨੂੰ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਮਾਪਤ ਹੋਣ ਤੋਂ ਬਾਅਦ ਵੀ ਦਿਹਾਤੀ ਪੁਲਿਸ ਵਲੋਂ ਹਾਈਟੈਕ ਨਾਕੇ ਅਤੇ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰੱਖੀ ਜਾਵੇਗੀ ਤਾਂ ਜੋ ਗਲਤ ਕੰਮ ਕਰਨ ਵਾਲੇ ਤੱਤਾਂ ਵਿਚ ਪੁਲਿਸ ਦਾ ਡਰ ਬਣਿਆ ਰਹੇ | ਐੱਸ.ਐੱਸ.ਪੀ. ਨੇ ਕਿਹਾ ਕਿ ਲੁਧਿਆਣਾ ਦਿਹਾਤੀ ਪੁਲਿਸ ਪੂਰੇ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰਦੀ ਰਹੇਗੀ |