ਭੂੰਦੜੀ, 18 ਫਰਵਰੀ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਸ਼੍ਰੋਮਣੀ ਅਕਾਲੀ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਕਿਹਾ ਹੈ ਕਿ ਪਿੰਡ ਕਿੱਲੀ ਚਾਹਲਾਂ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਰੈਲੀ ਪੂਰੀ ਤਰ੍ਹਾਂ ਨਾਕਾਮ ਰਹੀ | ਉਨ੍ਹਾਂ ਦੱਸਿਆ ਕਿ ਦਿੱਲੀ ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਲੋਕਾਂ ਦੀ ਹਾਜ਼ਰੀ ਘੱਟ ਰਹੀ | ਉਨ੍ਹਾਂ ਦੇ ਅਨੁਸਾਰ ਇਹ ਰੈਲੀ ਪਾਰਟੀ ਦੀ ਜ਼ਮੀਨੀ ਸਥਿਤੀ ਨੂੰ ਬਿਆਨ ਕਰਦੀ ਹੈ | ਦਿਉਲ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦੇ ਹਕੀਕਤ ਵਿਚ ਪੂਰੇ ਨਹੀਂ ਹੋਏ | ਬੇਰੁਜ਼ਗਾਰੀ ਘਟਾਉਣ, ਕਿਸਾਨਾਂ ਨੂੰ ਫ਼ਸਲਾਂ ਦਾ ਵਾਜ਼ਿਬ ਮੁੱਲ ਦੇਣ, ਨਸ਼ਿਆਂ 'ਤੇ ਕਾਬੂ ਪਾਉਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਹਨ | ਅੰਤ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ, ਕਿਉਂਕਿ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ |