ਜਗਰਾਉਂ, 1 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ 'ਆਪ' ਸਰਕਾਰ ਬਣਨ 'ਤੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਕ-ਇਕ ਕਰਕੇ ਪੂਰਾ ਕਰ ਦਿੱਤਾ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅਜਿਹੇ ਕੰਮ ਕੀਤੇ ਹਨ ਜੋ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਜਿੱਥੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ, ਉੱਥੇ ਪੰਜਾਬ 'ਚੋਂ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਗਿਆ ਹੈ | ਵਿਧਾਇਕਾ ਬੀਬੀ ਮਾਣੂੰਕੇ ਅਤੇ ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰ ਪੰਜਾਬੀ ਨੂੰ 10 ਲੱਖ ਤੱਕ ਮੁਫ਼ਤ ਇਲਾਜ, ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ, ਮੁਫ਼ਤ ਬਿਜਲੀ ਦੇਣ ਦੇ ਨਾਲ-ਨਾਲ ਹੋਰ ਅਨੇਕਾਂ ਇਤਿਹਾਸਕ ਕਾਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਜਗਰਾਉਂ ਹਲਕੇ 'ਚ ਜਿੱਥੇ ਲੋਕਾਂ ਦੀ ਮੰਗ ਅਨੁਸਾਰ ਅਖਾੜਾ ਨਹਿਰ ਦਾ ਪੁਲ ਬਣਾਇਆ ਗਿਆ ਹੈ, ਉੱਥੇ ਸ਼ਹਿਰ ਵਾਸੀਆਂ ਨੂੰ ਮੁਫ਼ਤ ਸਾਫ਼ ਪਾਣੀ ਦੀ ਸਪਲਾਈ, ਹਲਕੇ 'ਚ ਨਿਰਵਿਘਨ ਬਿਜਲੀ ਲਈ ਵੱਖ-ਵੱਖ ਥਾਂਵਾਂ 'ਤੇ ਨਵੇ ਗਰਿੱਡ, ਨਹਿਰੀ ਪਾਣੀ ਹਰ ਖੇਤ 'ਚ ਪਹੁੰਚਾਉਣ ਲਈ ਪੱਕੇ ਖਾਲੇ ਬਣਾਏ ਗਏ ਹਨ | ਵਿਧਾਇਕਾ ਬੀਬੀ ਮਾਣੂੰਕੇ ਤੇ ਕੋਆਰਡੀਨੇਟਰ ਥਿੰਦ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਕੀਤੇ ਕੰਮਾਂ ਤੋਂ ਲੋਕ ਖੁਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਕੀਤੇ ਕੰਮਾਂ 'ਤੋ ਮੋਹਰ ਲਗਾਉਣਗੇ |