15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੀਟੂ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 15-04-2026
• ਮੋਦੀ ਸਰਕਾਰ ਸੰਵਿਧਾਨ ਦੀ ਥਾਂ ਮਨੂੰ ਸਮਿ੍ਤੀ ਲਾਗੂ ਕਰਨ ਲਈ ਕਾਹਲੀ ਪਈ-ਕਾਮਰੇਡ ਦਲਜੀਤ ਗੋਰਾ
ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਵਿਜੇ ਕੁਮਾਰ ਗੁਰੀਲਾ ਨਗਰ ਦੇ ਕਾਮਰੇਡ ਰਛਪਾਲ ਸਿੰਘ ਹਾਲ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ 135ਵੇਂ ਜਨਮ ਦਿਵਸ ਮੌਕੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਵਲੋਂ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸੀਟੂ ਦੇ ਸੂਬਾਈ ਮੀਤ ਪ੍ਰਧਾਨ ਦਲਜੀਤ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਡਾ: ਅੰਬੇਦਕਰ ਵਲੋਂ ਦਿੱਤੇ ਸੰਵਿਧਾਨ ਦੀ ਥਾਂ ਦੇਸ਼ ਵਿਚ ਮੰਨੂ ਸਮਿ੍ਤੀ ਲਾਗੂ ਕਰਨ ਲਈ ਕਾਹਲੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਵੱਡੇ ਸੰਘਰਸ਼ਾਂ ਬਾਅਦ ਪ੍ਰਾਪਤ ਕੀਤੇ ਕਿਰਤ ਕਾਨੂੰਨਾਂ ਦਾ ਭੋਗ ਪਾ ਕੇ ਲਿਆਂਦੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰ ਜਮਾਤ ਨੂੰ ਗ਼ੁਲਾਮੀ ਵੱਲ ਧੱਕ ਰਹੀ ਹੈ | ਉਨ੍ਹਾਂ ਮਜ਼ਦੂਰ ਜਮਾਤ ਨੂੰ ਦੇਸ਼ ਦੇ ਸੰਵਿਧਾਨ ਦੀ ਰਾਖੀ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰਾਂ ਲਈ ਰੁਜ਼ਗਾਰ ਦੀ ਗਾਰੰਟੀ ਦੇ ਮਨਰੇਗਾ ਕਾਨੂੰਨ ਦੀ ਥਾਂ ਮੋਦੀ ਸਰਕਾਰ ਵਲੋਂ ਲਿਆਂਦੇ ਕਾਨੂੰਨ ਰਾਹੀਂ ਮਜ਼ਦੂਰਾਂ ਤੋਂ ਰੁਜ਼ਗਾਰ ਦੀ ਗਾਰੰਟੀ ਦਾ ਅਧਿਕਾਰ ਹੀ ਖੋਹ ਲਿਆ ਹੈ | ਕਿਰਤ ਕਾਨੂੰਨਾਂ ਦੀ ਥਾਂ ਲਿਆਂਦੇ ਕੋਡ ਰਾਹੀਂ ਯੂਨੀਅਨ ਬਣਾਉਣ, ਹੜਤਾਲ ਕਰਨ ਸਮੇਤ ਸਾਰੇ ਮੌਲਿਕ ਅਧਿਕਾਰਾਂ ਤੋਂ ਮਜ਼ਦੂਰਾਂ ਨੂੰ ਵਾਂਝੇ ਕਰ ਦਿੱਤਾ ਗਿਆ ਹੈ |
ਇਸ ਸਮੇਂ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ, ਰੁਲਦਾ ਸਿੰਘ ਗੋਬਿੰਦਗੜ੍ਹ, ਪਿ੍ਤਪਾਲ ਸਿੰਘ ਬਿੱਟਾ, ਰਾਜਜਸਵੰਤ ਸਿੰਘ ਤਲਵੰਡੀ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਇਕਜੁੱਟ ਹੋ ਕੇ ਸੰਘਰਸ਼ ਕਰਨ ਦੇ ਦਰਸਾਏ ਰਾਹ ਉੱਪਰ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਮਜ਼ਦੂਰ ਆਗੂ ਗੁਰਦੀਪ ਸਿੰਘ, ਕਰਮ ਚੰਦ ਬੁਰਜ ਹਕੀਮਾਂ, ਗੁਰਮੁੱਖ ਸਿੰਘ ਬੱਸੀਆਂ, ਸਨੀ ਸਿੰਘ ਰਾਏਕੋਟ, ਬਹਾਦਰ ਸਿੰਘ ਨੂਰਪੁਰਾ, ਕਰਮਜੀਤ ਸਿੰਘ, ਕਰਨੈਲ ਸਿੰਘ ਬੱਸੀਆਂ ਸਮੇਤ ਵੱਡੀ ਗਿਣਤੀ 'ਚ ਮਜ਼ਦੂਰ ਆਗੂਆਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।