ਭੂੰਦੜੀ, 6 ਮਈ (ਕੁਲਦੀਪ ਸਿੰਘ ਮਾਨ)-ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਕਾਂਗਰਸ ਪਾਰਟੀ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ | ਪਾਰਟੀ ਨੇ ਤਜਰਬੇਕਾਰ ਅਤੇ ਮਿਹਨਤੀ ਆਗੂ ਦਰਸ਼ਨ ਸਿੰਘ ਬੀਰਮੀ ਨੂੰ ਰਾਏਕੋਟ ਹਲਕੇ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ | ਦਰਸ਼ਨ ਸਿੰਘ ਬੀਰਮੀ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਨਿਯੁਕਤੀ ਤੋਂ ਬਾਅਦ ਬੀਰਮੀ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ (ਸੰਗਠਨ ਇੰਚਾਰਜ) ਕੈਪਟਨ ਸੰਦੀਪ ਸਿੰਘ ਸੰਧੂ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ |