ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੀ ਖੁਸ਼ਹਾਲੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਜ਼ਰੂਰੀ ਹੈ | ਇਤਿਹਾਸ ਗਵਾਹ ਹੈ ਕਿ ਜਦ-ਜਦ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਦ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੀ ਹੋਇਆ ਹੈ ਅਤੇ ਆਪਸੀ ਭਾਈਚਾਰਾ ਵੀ ਵਧਿਆ ਹੈ | ਇਹ ਸ਼ਬਦ ਸਾਬਕਾ ਚੇਅਰਮੈਨ ਅਕਾਲੀ ਆਗੂ ਕੰਵਲਜੀਤ ਸਿੰਘ ਮੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦੂਸਰੀਆਂ ਪਾਰਟੀਆਂ ਵੰਡੀਆਂ ਪਾਉਂਦੀਆਂ ਜਦਕਿ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਬੋਲਬਾਲਾ ਸਥਾਪਿਤ ਕਰਦਾ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਨਗਰ ਕੌਂਸਲ ਦੀਆਂ ਚੋਣਾਂ 'ਚ ਨੌਜਵਾਨ ਪੀੜ੍ਹੀ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਅੰਦਰ ਪੰਜਾਬੀਆਂ ਦਾ ਰਾਜ ਸਥਾਪਿਤ ਕਰਨ ਲਈ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਅਪੀਲ ਵੀ ਕੀਤੀ |