ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ-ਭਾਈ ਗਰੇਵਾਲ
ਜਗਰਾਉਂ, 5 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਸਬੰਧੀ ਅੱਜ ਹਲਕਾ ਜਗਰਾਉਂ ਤੋਂ ਸੰਗਤਾਂ ਦੀਆਂ ਤਿੰਨ ਬੱਸਾਂ ਅਤੇ ਗੱਡੀਆਂ ਦਾ ਕਾਫ਼ਲਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਹ ਕਾਫ਼ਲਾ ਜਥੇਦਾਰ ਬਾਬਾ ਸੁਖਦੇਵ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ।
ਜਗਰਾਉਂ, 5 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਸਬੰਧੀ ਅੱਜ ਹਲਕਾ ਜਗਰਾਉਂ ਤੋਂ ਸੰਗਤਾਂ ਦੀਆਂ ਤਿੰਨ ਬੱਸਾਂ ਅਤੇ ਗੱਡੀਆਂ ਦਾ ਕਾਫ਼ਲਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਹ ਕਾਫ਼ਲਾ ਜਥੇਦਾਰ ਬਾਬਾ ਸੁਖਦੇਵ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ ਦੇ ਸਹਿਯੋਗ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਗਰਾਉਂ ਹਲਕੇ ਸਮੇਤ ਇਲਾਕੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਈਆਂ। ਭਾਈ ਗਰੇਵਾਲ ਨੇ ਬਾਬਾ ਜੀਵਨ ਸਿੰਘ ਜੀ ਦੇ ਮਹਾਨ ਇਤਿਹਾਸ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਭਾਈ ਜੈਤਾ ਜੀ ਨੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲਿਆ ਕੇ ਗੁਰੂ ਸਾਹਿਬ ਦੀ ਅਦੁੱਤੀ ਸੇਵਾ ਨਿਭਾਈ ਸੀ। ਉਨ੍ਹਾਂ ਦੀ ਇਸ ਮਹਾਨ ਸੇਵਾ ਤੋਂ ਪ੍ਰਭਾਵਿਤ ਹੋ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਨਾਲ ‘ਰੰਗਰੇਟਾ ਗੁਰੂ ਕਾ ਬੇਟਾ’ ਕਹਿ ਕੇ ਨਿਵਾਜਿਆ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਸਿੱਖ ਕੌਮ ਲਈ ਸੇਵਾ, ਸਿਦਕ, ਨਿਡਰਤਾ ਅਤੇ ਕੁਰਬਾਨੀ ਦੀ ਪ੍ਰੇਰਣਾ ਹੈ। ਅਜਿਹੇ ਮਹਾਨ ਸਿੱਖ ਯੋਧਿਆਂ ਦੇ ਜੀਵਨ ਅਤੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿੱਚ ਸੰਗਤਾਂ ਦਾ ਕਾਫ਼ਲਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਬਾਬਾ ਸੁਖਦੇਵ ਸਿੰਘ ਲੋਪੋ, ਜਥੇਦਾਰ ਦਸਮੇਸ਼ ਤਰਨਾ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵੱਲੋਂ ਸੰਗਤਾਂ ਦੀ ਆਵਾਜਾਈ ਅਤੇ ਹੋਰ ਪ੍ਰਬੰਧਾਂ ਲਈ ਕੀਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸੰਦੀਪ ਸਿੰਘ ਮੱਲ੍ਹਾ, ਤਰਨਪ੍ਰੀਤ ਸਿੰਘ ਖ਼ਾਲਸਾ, ਬਾਬਾ ਸਤਨਾਮ ਸਿੰਘ, ਜਥੇਦਾਰ ਰਣਜੋਧ ਸਿੰਘ, ਸ਼ਮਸ਼ੇਰ ਸਿੰਘ, ਪ੍ਰਭੂ ਸਿੰਘ, ਜੰਗ ਸਿੰਘ ਆਦਿ ਹਾਜ਼ਰ ਸਨ।