ਕਟਾਰੀਆਂ, 20 ਜਨਵਰੀ (ਪ੍ਰੇਮੀ ਸੰਧਵਾਂ)-ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ, ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਦਰਬਜੀਤ ਸਿੰਘ ਪੂੰਨੀਆ ਤੇ ਸਾਬਕਾ ਉਪ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਝੂਠ ਦਾ ਸਹਾਰਾ ਲੈ ਕੇ ਬਣੀ 'ਆਪ' ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਪਹਾੜ ਵਰਗੇ ਕੀਤੇ ਵਾਅਦੇ ਅਜੇ ਪੂਰੇ ਨਹੀਂ ਕੀਤੇ, ਸਗੋਂ ਆਏ ਦਿਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਲੋਕਾਂ ਨੂੰ ਹੋਰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਜਾ ਰਹੇ ਹਨ ਪਰ ਲੋਕ ਸਰਕਾਰ ਦੇ ਝੂਠੇ ਵਾਅਦਿਆਂ 'ਚ ਨਹੀਂ ਆਉਣਗੇ ਕਿਉਂਕਿ ਬਦਲਾਅ ਲਿਆਉਣ ਦੇ ਨਾਂਅ 'ਤੇ ਬਣੀ 'ਆਪ' ਸਰਕਾਰ ਨੇ ਬਦਲਾਅ ਤਾਂ ਕੀ ਲਿਆਉਣਾ ਸੀ ਸਗੋਂ ਬਦਲਾਖੋਰੀ ਦੀ ਨੀਤੀ 'ਤੇ ਉਤਰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਤੇ ਕਾਂਗਰਸੀ ਪਾਰਟੀ ਦੀ ਸਰਕਾਰ ਬਣਾਉਣ ਨੂੰ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਵਲੋਂ ਆਪਣੇ ਰਾਜ ਸਮੇਂ ਸ਼ੁਰੂ ਕੀਤੀਆਂ ਸਕੀਮਾਂ ਦਾ ਮੁੜ ਲਾਭ ਲਿਆ ਜਾ ਸਕੇ |