ਔੜ, 20 ਜਨਵਰੀ (ਗੁਰਨਾਮ ਸਿੰਘ ਸੈਣੀ)-ਪੁਲਿਸ ਥਾਣਾ ਔੜ ਵਿਖੇ ਬਦਲ ਕੇ ਆਏ ਨਵੇਂ ਇੰਸਪੈਕਟਰ ਰੰਜਨਾ ਦੇਵੀ ਨੇ ਬਤੌਰ ਐਸ.ਐਚ.ਓ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਹੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਆਪਣਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਜੋ ਮੈਨੂੰ ਥਾਣਾ ਔੜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗੀ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਥਾਣੇ ਆਉਣ ਵਾਲੇ ਹਰ ਮੁਹਤਬਰ ਵਿਅਕਤੀ ਤੇ ਪਿੰਡਾਂ ਦੀਆਂ ਪੰਚਾਇਤਾਂ ਦਾ ਪੂਰਾ ਮਾਣ ਸਤਿਕਾਰ ਹੋਵੇਗਾ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਹੋਰ ਵੀ ਤੇਜ਼ ਕਰਨ ਲਈ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਮੁੱਚੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਨਸ਼ੇ ਦੇ ਤਸਕਰਾਂ ਨੰੂ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਥੇਂ ਹੀ ਬੱਸ ਨਹੀਂ ਥਾਣੇ ਅਧੀਨ ਆਉਂਦੇ ਪਿੰਡਾਂ ਚੋਂ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਕੇ ਇਲਾਕੇ ਦਾ ਮਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਨੂੰ ਵੀ ਜਲਦੀ ਹੀ ਜੇਲ੍ਹ ਵਿੱਚ ਸੁੱਟਿਆ ਜਾਵੇਗਾ |