ਨਵਾਂਸ਼ਹਿਰ, 20 ਜਨਵਰੀ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਦਿੰਦਿਆ ਦੱਸਿਆ ਕਿ ਸੜਕ ਸੁਰੱਖਿਆ ਮੁਹਿੰਮ ਤਹਿਤ ਅੰਬੇਡਕਰ ਚੌਕ ਤੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਜਾਗਰੂਕਤਾ ਰੈਲੀ 'ਚ ਕੈਂਬਿ੍ਜ ਇੰਟਰਨੈਸ਼ਨ ਸਕੂਲ ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਜਾਗਰੂਕ ਕੀਤਾ ਗਿਆ ਹੈ | ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਕਿਹਾ ਕਿ ਇਹ ਜਾਗਰੂਕਤਾ ਰੈਲੀ ਅੰਬੇਡਕਰ ਚੌਕ ਤੋਂ ਸ਼ੁਰੂ ਹੋਈ ਜੋ ਕਿ ਚੰਡੀਗੜ੍ਹ ਚੌਕ ਤੋਂ ਫੱਟੀ ਬਸਤਾ ਚੌਕ ਤੋਂ ਵਾਪਸ ਅੰਬੇਡਕਰ ਚੌਕ ਵਿਖੇ ਸਮਾਪਤ ਹੋਈ | ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਨਾਅਰੇ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਜਨਵਰੀ ਮਹੀਨਾ ਰਾਸ਼ਟਰੀ ਸੜਕ ਸੁਰਖਿਆ ਮਹੀਨੇ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਅੰਦਰ 1 ਜਨਵਰੀ ਤੋਂ 31 ਜਨਵਰੀ ਤੱਕ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਜਾਗਰੂਕਤਾ ਮੁਹਿੰਮ ਅਧੀਨ ਹਸਤਾਖਰ ਮੁਹਿੰਮ ਚਲਾਈ ਗਈ, ਲਾਇਸੰਸ ਬਣਾਉਣ ਲਈ ਆਏ ਬਿਨੈਕਾਰਾਂ ਲਈ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਇਸ ਤੋਂ ਇਲਾਵਾ ਦੋਪਹੀਆ ਵਾਹਨਾਂ 'ਤੇ ਸਫਰ ਕਰਨ ਵਾਲਿਆਂ ਨੂੰ ਮੁਫ਼ਤ ਹੈਲਮਟ ਵੰਡ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਹੈਲਮਟ ਦੀ ਮਹੱਤਤਾ ਬਾਰੇ ਦੱਸਿਆ ਗਿਆ | ਸਕੂਲਾਂ ਤੇ ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਜਿਥੇ ਵਿਦਿਆਰਥੀਆਂ, ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ, ਉੱਥੇ ਹੀ ਸਕੂਲਾਂ/ਕਾਲਜਾਂ ਦੇ ਡਰਾਈਵਰਾਂ ਨੂੰ ਵੀ ਜਾਗਰੂਕ ਕੀਤਾ ਗਿਆ | ਇਸ ਦੇ ਨਾਲ ਹੀ ਟੈਕਸੀ ਅਤੇ ਬੱਸ ਡਰਾਇਵਰਾਂ ਲਈ ਅੱਖਾਂ ਦਾ ਜਾਂਚ ਕੈਂਪ ਵੀ ਲਗਾਇਆ ਗਿਆ |