ਮਜਾਰੀ/ਸਾਹਿਬਾ, 21 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਰੈੱਡ ਕਰਾਸ ਸੁਸਾਇਟੀ ਨਵਾਂਸ਼ਹਿਰ ਵਲੋਂ ਪਿੰਡ ਕਰਾਵਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਚਮਨ ਸਿੰਘ (ਪ੍ਰਾਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕਾ ਹੈ, ਸਰਕਾਰ ਨੇ ਪੰਜਾਬ ਭਰ ਵਿੱਚ ਨਸ਼ੇ ਦੀ ਰੋਕਥਾਮ ਲਈ ਬਹੁਤ ਸਾਰੇ ਪੁਖਤਾ ਪ੍ਰਬੰਧ ਕੀਤੇ ਹਨ, ਨਸ਼ੇ ਦੇ ਆਦੀ ਵਿਅਕਤੀਆਂ ਲਈ ਮੁਫ਼ਤ ਹਸਪਤਾਲ ਖੋਲੇ੍ਹ ਹਨ, ਜਿੱਥੇ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਨਸ਼ੇ ਤੋਂ ਦੂਰ ਰਹਿਣ ਲਈ ਕਈ ਨੁਕਤੇ ਸਾਂਝੇ ਕੀਤੇ | ਉਹਨਾਂ ਕਿਹਾ ਕਿ ਨਸ਼ੇ ਨੂੰ ਛੱਡਣ ਦੀ ਸ਼ੁਰੂਆਤ ਅਸੀਂ ਆਪਣੇ ਘਰ ਤੋਂ ਕਰੀਏ ਤਾਂ ਜੋ ਸਾਡੇ ਪਰਿਵਾਰ ਦੇ ਨਾਲ-ਨਾਲ ਸਮਾਜ ਵੀ ਨਸ਼ਾ ਮੁਕਤ ਹੋ ਸਕੇ | ਇਸ ਮੌਕੇ 'ਤੇ ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਕੇਂਦਰ ਦੇ ਕੰਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਕਰਨ ਕਟਾਰੀਆ (ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਵਲੋਂ ਵੀ ਮੁੱਖ ਤੌਰ 'ਤੇ ਸ਼ਿਰਕਤ ਕੀਤੀ ਗਈ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਕਰਨੈਲ ਸਿੰਘ, ਪਰਮਜੀਤ ਸਿੰਘ, ਜਸਕਰਨ, ਜਸਪਾਲ ਕੌਰ, (ਪੰਚ), ਸੁਖਵਿੰਦਰ ਕੌਰ (ਪੰਚ), ਬਲਜੀਤ ਕੁਮਾਰ, ਊਸ਼ਾ ਰਾਣੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |