ਪੋਜੇਵਾਲ ਸਰਾਂ, 29 ਜਨਵਰੀ (ਨਵਾਂਗਰਾਈਾ)-ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਪੋਜੇਵਾਲ ਜ਼ੋਨ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਹੇ ਵਿਜੇ ਕੁਮਾਰ ਭਾਟੀਆ ਵਲੋਂ ਬੀਤੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ 'ਚ ਸਿਸਟਾਚਾਰ ਦੇ ਤੌਰ 'ਤੇ ਮਿਲੇ | ਇਸ ਸੰਬੰਧੀ ਵਿਜੇ ਕੁਮਾਰ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਦੀ ਚੋਣ ਲੜਨ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪਹਿਲੀ ਇੱਕ ਸਿਸਟਾਚਾਰ ਮੀਟਿੰਗ ਸੀ ਤੇ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਪੰਜਾਬ ਦੀਆਂ ਆਉਣ ਵਾਲੀਆਂ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਤੇ ਦੱਸਿਆ ਕਿ 2027 'ਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ | ਇਸ ਮੌਕੇ ਉਹਨਾਂ ਮੁੱਖ ਮੰਤਰੀ ਨੂੰ ਕੰਢੀ ਦੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਤੋਂ ਕੰਢੀ ਦੇ ਇਲਾਕੇ ਲਈ ਵਿਸ਼ੇਸ਼ ਪ੍ਰਾਜੈਕਟ ਲਿਆ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣ ਅਤੇ ਕੰਢੀ ਇਲਾਕੇ ਵਿੱਚ ਜੰਗਲੀ ਜਾਨਵਰਾਂ ਦੀ ਰੋਕਥਾਮ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਬੇਨਤੀ ਕੀਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਭਰੋਸਾ ਦਿਵਾਇਆ ਕਿ ਉਹ ਕੰਢੀ ਤੇ ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ |