ਬਲਾਚੌਰ, 14 ਅਪ੍ਰੈਲ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਐੱਮ. ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ | ਅਸੈਂਬਲੀ ਦੀ ਸ਼ੁਰੂਆਤ ਮੂਲ ਮੰਤਰ ਨਾਲ ਕੀਤੀ ਗਈ, ਜਿਸ ਨਾਲ ਪੂਰਾ ਮਾਹੌਲ ਆਧਿਆਤਮਿਕ ਰੰਗ ਵਿੱਚ ਰੰਗਿਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਵਿਸਾਖੀ ਦੇ ਇਤਿਹਾਸ ਤੇ ਮਹੱਤਵ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਪੇਸ਼ ਕੀਤੇ ਗਏ | ਅਧਿਆਪਕ ਸਾਹਿਬਾਨਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਰ ਤਿਉਹਾਰ ਨੂੰ ਖੁਸ਼ੀ, ਸਾਂਝ ਅਤੇ ਏਕਤਾ ਨਾਲ ਮਨਾਉਣ ਦੀ ਪ੍ਰੇਰਣਾ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਵੱਲੋਂ ਭੰਗੜਾ ਅਤੇ ਗਿੱਧਾ ਵਰਗੇ ਰਵਾਇਤੀ ਨਾਚ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਨੂੰ ਰੰਗੀਨ ਅਤੇ ਰੌਣਕਮਈ ਬਣਾ ਦਿੱਤਾ | ਇਸ ਤੋਂ ਇਲਾਵਾ, ਵੱਖ-ਵੱਖ ਜਮਾਤਾ ਵਿੱਚ ਵੀ ਤਿਉਹਾਰ ਨਾਲ ਸਬੰਧਤ ਕਈ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਪਿ੍ੰਸੀਪਲ ਰਿਤੂ ਬੱਤਰਾ ਨੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਕਿਹਾ ਅਤੇ ਸਭ ਨੂੰ ਵਿਸਾਖੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |