12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜ਼ਿਲ੍ਹੇ 'ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਪਾਬੰਦੀ

ਅਜੀਤ ਡੈਸਕ 20-04-2026
ਨਵਾਂਸ਼ਹਿਰ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ 'ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ ,ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ, ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ 'ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਾਈ ਹੈ | ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ | ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ 'ਚ ਸ਼ਾਮਿਲ ਹਨ | ਇਸ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਜਾਂਚ ਕੀਤੀ ਜਾਵੇਗੀ | ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ 'ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਾਉਣ/ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ 'ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ 'ਤੇ ਪਾਬੰਦੀ ਲਾਈ ਹੈ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਾ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ | ਇਹ ਹੁਕਮ ਪੁਲਿਸ/ ਆਰਮੀ ਵਰਦੀ ਵਿੱਚ ਮਿਲਟਰੀ ਅਮਲਾ, ਡਿਊਟੀ 'ਤੇ ਤਾਇਨਾਤ ਕੋਈ ਹੋਰ ਸਰਕਾਰੀ ਕਰਮਚਾਰੀ ਅਤੇ ਵਿਆਹ/ਸ਼ਾਦੀ/ਸ਼ੋਕਮਈ ਇਕੰਠ/ ਧਾਰਮਿਕ ਅਸਥਾਨਾਂ/ਸੰਸਥਾਵਾਂ ਦੇ ਅੰਦਰ-ਪ੍ਰਮਾਤਮਾ/ ਅਕਾਲ ਪੁਰਖ ਦੀ ਉਸਤਤ ਸ਼ਬਦ ਕੀਰਤਨ ਕਰਨ 'ਤੇ ਲਾਗੂ ਨਹੀਂ ਹੋਵੇਗਾ | ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਵਿਚ ਕਿਸੇ ਵਿਅਕਤੀ/ਸੰਸਥਾ ਵੱਲੋਂ ਸਰਕਾਰੀ/ਪੰਚਾਇਤੀ ਜਗ੍ਹਾ 'ਤੇ ਕੋਈ ਗੇਟ ਉਸਾਰਨ 'ਤੇ ਪਾਬੰਦੀ ਲਾਈ ਹੈ | ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਮਨਜ਼ੂਰੀ ਲਈ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 7 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ | ਜਾਰੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪੈਟਰੋਲ ਪੰਪ ਅਤੇ ਬੈਂਕਾਂ ਵਿੱਚ ਡਕੈਤੀ/ਚੋਰੀ ਦੀਆਂ ਵਾਰਦਾਤਾਂ ਸਮੇਂ-ਸਮੇਂ 'ਤੇ ਹੋ ਰਹੀਆਂ ਹਨ | ਇੰਨ੍ਹਾਂ ਡਕੈਤੀਆਂ ਦੌਰਾਨ ਲੁਟੇਰੇ, ਹਥਿਆਰਾਂ ਸਮੇਤ ਜਾਂਦੇ ਹਨ ਅਤੇ ਜ਼ਬਰਨ ਦਾਖਲ ਹੋ ਕੇ ਲੁੱਟ-ਮਾਰ ਕਰਦੇ ਹਨ, ਜਿਸ ਨਾਲ ਆਮ ਜਨਤਾ ਦੀ ਜਾਨ-ਮਾਲ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਲੁਟੇਰਿਆਂ ਪਾਸ ਖਤਰਨਾਕ ਹਥਿਆਰ ਹੁੰਦੇ ਹਨ |
ਪਿਛਲੀ ਖ਼ਬਰ ਨਵਾਂਸ਼ਹਿਰ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਪੰਜ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਮਕਾਨ ਦੀ ਛੱਤ ਤੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਚੁਕਾਉਣ ਲਈ ਪਰਿਵਾਰ ਕੱਢ ਰਿਹਾ ਹਾੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।