ਬੰਗਾ, 7 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਦੇਖ-ਰੇਖ ਹੇਠ ਮੁੱਢਲਾ ਸਿਹਤ ਕੇਂਦਰ ਸੁੱਜੋਂ ਵਿਖੇ ਐੱਲ.ਐੱਚ.ਵੀਜ਼, ਸੀ.ਐੱਚ.ਓਜ਼ ਅਤੇ ਏ.ਐੱਨ.ਐੱਮਜ਼ ਦੀ ਆਰ.ਸੀ.ਐੱਚ ਸਿਹਤ ਪ੍ਰਬੰਧਨ ਸੂਚਨਾ ਸਿਸਟਮ ਸਬੰਧੀ ਸਿਖਲਾਈ ਵਰਕਸ਼ਾਪ ਲਗਾਈ ਗਈ | ਡਾ. ਹਰੀਸ਼ ਕਿਰਪਾਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਿਜਿਟਲ ਪਲੇਟਫਾਰਮਾਂ ਦੀ ਭੂਮਿਕਾ ਨੂੰ ਉਤਸ਼ਾਹਿਤ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜੇ ਡਾਟਾ ਸਹੀ ਹੋਵੇਗਾ ਤਾਂ ਯੋਜਨਾਵਾਂ ਬਣਾਉਣ ਅਤੇ ਲਾਗੂ ਕਰਨ ਵਿੱਚ ਤੇਜ਼ੀ ਆਵੇਗੀ | ਜਿਸ ਨਾਲ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਲਾਭ ਸਮੇਂ ਸਿਰ ਪਹੁੰਚੇਗਾ | ਉਨ੍ਹਾਂ ਨੇ ਸਾਰੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ | ਰਾਮ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਨਾਲ ਸਿਹਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਵਿੱਚ ਨਿਖਾਰ ਆਉਂਦਾ ਹੈ ਅਤੇ ਸਰਕਾਰੀ ਯੋਜਨਾਵਾਂ ਦੀ ਪਹੁੰਚ ਆਮ ਲੋਕਾਂ ਤੱਕ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਦੀ ਹੈ | ਇਸ ਮੌਕੇ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਚਰਨਜੀਤ ਕੁਮਾਰ ਨੇ ਟ੍ਰੇਨਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਡਾਟਾ ਦੀ ਸ਼ੁੱਧਤਾ, ਸਹੀ ਅਤੇ ਸਮੇਂ-ਸਿਰ ਡਾਟਾ ਐਂਟਰੀ ਤੇ ਵਿਸ਼ਲੇਸ਼ਣ 'ਤੇ ਨਿਰਭਰ ਕਰਦੀ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਰ. ਸੀ. ਐੱਚ. ਅਤੇ ਐੱਚ. ਐੱਮ. ਆਈ. ਐੱਸ. ਪੋਰਟਲਾਂ ਦੀ ਸਹੀ ਵਰਤੋਂ ਨਾਲ ਮਾਤਾ ਤੇ ਬੱਚੇ ਦੀ ਸਿਹਤ ਨਾਲ ਜੁੜੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ, ਜਿਸ ਨਾਲ ਮਾਤਾ ਅਤੇ ਸ਼ਿਸ਼ੁ ਮੌਤ ਦਰ ਵਿੱਚ ਕਮੀ ਲਿਆਉਣ ਵਿੱਚ ਵੀ ਮਦਦ ਮਿਲੇਗੀ |