ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਦੇ ਸਰਗਰਮ ਆਗੂ ਜਸਵੰਤ ਸਿੰਘ ਵਰਿਆਮ ਕੰਗਣਾਂ ਬੇਟ ਵਾਲਿਆਂ ਨੂੰ ਪਾਰਟੀ ਦੇ ਕੀਤੇ ਜਾ ਰਹੇ ਪ੍ਰਚਾਰ ਤੇ ਪ੍ਰਸਾਰ ਅਤੇ ਕਿਸਾਨ ਵਰਗ ਦੇ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੁੱਖ ਰੱਖਦਿਆਂ ਭਾਜਪਾ ਦੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਨਿਯੁਕਤ ਕੀਤਾ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਸੀਨੀਅਰ ਆਗੂ ਤੇ ਸਮਾਜ ਸੇਵੀ ਪਿੱਛਲੇ ਲੰਮੇ ਸਮੇਂ ਤੋਂ ਪਾਰਟੀ ਖਾਸ ਕਰਕੇ ਕਿਸਾਨ ਵਰਗ ਦੇ ਹੱਕਾਂ ਤੇ ਹਿੱਤਾਂ ਦੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨ ਭਰਾਵਾਂ ਤੱਕ ਪੁੱਜਦਾ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ, ਜਿਸ ਕਾਰਨ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਸਵੰਤ ਸਿੰਘ ਵਰਿਆਮ ਨੂੰ ਕਿਸਾਨ ਮੋਰਚਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦਾ ਪ੍ਰਧਾਨ ਨਿਯੁਕਤ ਕਰਨ ਦੀ ਖੁਸ਼ੀ ਸਾਂਝੀ ਕਰ ਰਹੇ ਹਾਂ | ਇਸ ਮੌਕੇ ਨਵ ਨਿਯੁਕਤ ਕਿਸਾਨ ਮੋਰਚਾ ਭਾਜਪਾ ਦੇ ਜਿਲ੍ਹਾ ਪ੍ਰਧਾਨ ਜਸਵੰਤ ਸਿੰਘ ਵਰਿਆਮ ਨੇ ਆਖਿਆ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਸੁਹਿਰਦਤਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਿਸਾਨ ਹਿਤੈਸ਼ੀ ਜੇਕਰ ਕੋਈ ਸਿਆਸੀ ਪਾਰਟੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੀ ਹੈ |