26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਡੀਲਰਾਂ ਲਈ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 22-05-2026
ਨਵਾਂਸ਼ਹਿਰ, 21 ਮਈ (ਜਸਬੀਰ ਸਿੰਘ ਨੂਰਪੁਰ) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ. ਏ. ਯੂ.), ਲੁਧਿਆਣਾ ਅਤੇ ਆਈ. ਸੀ.ਏ. ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਸਰਪ੍ਰਸਤੀ ਹੇਠ ਪੀ.ਏ.ਯੂ.-ਕਿ੍ਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਇੰਨਪੁੱਟ ਡੀਲਰਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਵਿਸ਼ੇ 'ਤੇ ਇੱਕ ਸਿਖਲਾਈ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਨਪੁੱਟ ਡੀਲਰਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਏਕੀਕਿ੍ਤ ਪੌਸ਼ਟਿਕ ਤੱਤ ਪ੍ਰਬੰਧਨ ਆਈ.ਐਨ.ਐਮ ਰਾਹੀਂ ਮਿੱਟੀ ਦੀ ਸਿਹਤ ਅਤੇ ਫਸਲਾਂ ਦੀ ਪੈਦਾਵਾਰ ਵਿੱਚ ਸੁਧਾਰ ਕਰਨ ਬਾਰੇ ਜਾਣਕਾਰੀ ਦੇਣਾ ਸੀ | ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਲੰਗੜੋਆ ਨੇ ਦੱਸਿਆ ਕਿ ਮਿੱਟੀ ਦੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਵਰਤੋਂ ਕਿਵੇਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ, ਪੌਸ਼ਟਿਕ ਤੱਤਾਂ ਦੇ ਅਸੰਤੁਲਨ ਨੂੰ ਰੋਕਣ, ਕਿਸਾਨਾਂ ਦੀ ਲਾਗਤ ਘਟਾਉਣ ਅਤੇ ਟਿਕਾਊ ਝਾੜ ਪ੍ਰਾਪਤ ਕਰਨ ਵਿੱਚ ਮਦਦਗਾਰ ਹੁੰਦੀ ਹੈ | ਇੰਨਪੁੱਟ ਡੀਲਰਾਂ ਨਾਲ ਸਿੱਧੀ ਗੱਲਬਾਤ ਦੌਰਾਨ ਡਾ. ਲੇਖ ਰਾਜ, ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੇ ਰਸਾਇਣਕ ਖਾਦਾਂ, ਜੈਵਿਕ ਖਾਦਾਂ ਅਤੇ ਬਾਇਓ-ਫਰਟੀਲਾਈਜ਼ਰਾਂ ਦੀ ਪੂਰਕ ਭੂਮਿਕਾ 'ਤੇ ਜ਼ੋਰ ਦਿੱਤਾ | ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਖੇਤਾਂ ਵਿੱਚ ਜੈਵਿਕ ਮਾਦਾ ਵਧਾਉਣ, ਮਿੱਟੀ ਦੀ ਬਣਤਰ ਅਤੇ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਕਰਨ ਲਈ ਹਰੀ ਖਾਦ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹੁਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ | ਪ੍ਰੋਗਰਾਮ ਦੌਰਾਨ ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਝੋਨੇ ਵਿੱਚ ਬੌਣੇਪਣ ਦੀ ਬਿਮਾਰੀ ਦੀ ਪਛਾਣ, ਇਸਦੇ ਫੈਲਾਅ ਅਤੇ ਇਸਨੂੰ ਫੈਲਾਉਣ ਵਾਲੇ ਕੀੜਿਆਂ (ਵੈਕਟਰ) ਨੂੰ ਕਾਬੂ ਕਰਨ ਦੇ ਉਪਾਵਾਂ ਬਾਰੇ ਲੈਕਚਰ ਦਿੱਤਾ | ਡਾ. ਲਛਮਣ ਦਾਸ ਅਤੇ ਡਾ. ਰਾਜ ਕੁਮਾਰ, ਖੇਤੀਬਾੜੀ ਅਫ਼ਸਰਾਂ ਨੇ ਇੰਨਪੁੱਟ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਦੇ ਮੁੱਖ ਸੁਨੇਹਿਆਂ ਨੂੰ ਕਿਸਾਨ ਭਾਈਚਾਰੇ ਤੱਕ ਪਹੁੰਚਾਉਣ ਲਈ ਮੋਹਰੀ ਰੋਲ ਅਦਾ ਕਰਨ ਕਰਨ | ਉਨ੍ਹਾਂ ਡੀਲਰਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਕਿਸਾਨਾਂ ਨੂੰ ਢੁੱਕਵੀਆਂ ਜੈਵਿਕ ਖਾਦਾਂ ਦੀ ਸਿਫ਼ਾਰਸ਼ ਕਰਨ ਅਤੇ ਖਾਦਾਂ ਦੀ ਸਹੀ ਖੁਰਾਕ ਤੇ ਵਰਤੋਂ ਦੇ ਤਰੀਕਿਆਂ ਬਾਰੇ ਸਲਾਹ ਦੇ ਕੇ ਸਹਿਯੋਗ ਕਰਨ | ਸਮਾਗਮ ਦੇ ਅੰਤ ਵਿੱਚ ਹਾਜ਼ਰੀ ਡੀਲਰਾਂ ਨੇ ਸਿੱਖੀਆਂ ਗਈਆਂ ਗੱਲਾਂ ਨੂੰ ਕਿਸਾਨਾਂ ਵਿੱਚ ਵੱਧ ਤੋਂ ਵੱਧ ਪ੍ਰਚਾਰਨ ਅਤੇ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਕੇ.ਵੀ.ਕੇ. ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦਾ ਪ੍ਰਣ ਲਿਆ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਦਾ ਲਿਆ ਜਾਇਜ਼ਾ ਅਗਲੀ ਖ਼ਬਰ 60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਕਾਰ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।