27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਲਾਚੌਰ ਦੇ ਬੀ. ਏ. ਵੀ. ਸਕੂਲ ਸਪੋਰਟਸ ਗਰਾਊਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

ਬਲਾਚੌਰ ਦੇ ਬੀ. ਏ. ਵੀ. ਸਕੂਲ ਸਪੋਰਟਸ ਗਰਾਊਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

ਅਜੀਤ ਡੈਸਕ 27-09-2026

ਬਲਾਚੌਰ, 26 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਸ਼ਾਮ ਵਿਧਾਨ ਸਭਾ ਹਲਕਾ ਬਲਾਚੌਰ ਦੇ ਬੀ. ਏ. ਵੀ. ਸਕੂਲ ਸਪੋਰਟਸ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ, ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ, ਜਿਸ ਵਿਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਲਗਾਤਾਰ ਡਰੋਨ ਸ਼ੋਅਜ਼, ਡਾਕੂਮੈਂਟਰੀ, ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਅਤੇ ਗੁਰੂ ਜੀ ਦੇ ਜੀਵਨ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿਚ ਦਿਖਾਏ ਜਾ ਰਹੇ ਹਨ। ਡਰੋਨ ਸ਼ੋਅ ਦੌਰਾਨ ਰਾਗੀ ਜਥਾ ਭਾਈ ਜਸਵੀਰ ਸਿੰਘ ਮਹਿਤਪੁਰ ਵਾਲਿਆਂ ਵਲੋਂ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਜੀਵ ਚੌਧਰੀ, ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ, ਵਧੀਕ ਡਿਪਟੀ ਕਮਿਸ਼ਨਰ (ਜ) ਸੁਨੀਲ ਫੋਗਾਟ, ਚੇਅਰਮੈਨ ਮਾਰਕੀਟ ਕਮੇਟੀ ਸੇਠੀ ਉਧਨਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਟਾਰੀਆ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤ ਵੀ ਮੌਜੂਦ ਸੀ। 

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਬਲਾਕ ਨਾਭਾ ਦੀ ਮੀਟਿੰਗ ਗੁਰਮੀਤ ਸਿੰਘ ਛੱਜੂ ਭੱਟ ਦੀ ਪ੍ਰਧਾਨਗੀ ਹੇਠ ਹੋਈ ਕਿਹਾ ਅਗਲੀ ਖ਼ਬਰ ਪਿੰਡ ਸਲੇਮਪੁਰਾ ਦੇ ‘ਆਪ’ ਸਰਪੰਚ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਦੀ ਵਾਇਰਲ ਹੋਈ ਵੀਡੀਓ ਨਾਲ ਪਿੰਡ ਵਿਚ ਹੜਕੰਪ ਮਚਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।