ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਨੇੜਲੇ ਪਿੰਡ ਬੀਬੀਪੁਰ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਚ ਬੁਨਿਆਦੀ ਸਹੂਲਤਾਂ ਦੀ ਕਮੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸੀਨੀਅਰ ਅਕਾਲੀ ਆਗੂ ਮਨਮੋਹਨ ਸਿੰਘ ਮਕਾਰੋਂਪਰ ਨੂੰ ਮੈਮੋਰੰਡਮ ਸੌਂਪਿਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਲੰਬੇ ਸਮੇਂ ਤੋਂ ਕੁਝ ਬੁਨਿਆਦੀ ਸਹੂਲਤਾਂ ਦੀ ਕਮੀ ਚੱਲ ਰਹੀ ਹੈ, ਜਿਸ ਕਾਰਨ ਸੰਗਤ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ, ਲੰਗਰ ਹਾਲ, ਬਿਜਲੀ ਤੇ ਪਾਣੀ ਦੀ ਵਿਵਸਥਾ ਅਤੇ ਸ਼ੈੱਡ ਬਣਾਉਣ ਸਬੰਧੀ ਮਾਲੀ ਸਹਾਇਤਾ ਦੀ ਲੋੜ ਹੈ | ਕਿਉਂਕਿ ਗੁਰਦੁਆਰਾ ਸਾਹਿਬ ਸਿਰਫ਼ ਇਬਾਦਤ ਦਾ ਕੇਂਦਰ ਹੀ ਨਹੀਂ, ਸਗੋਂ ਪਿੰਡ ਦੀ ਸਮਾਜਿਕ ਅਤੇ ਧਾਰਮਿਕ ਏਕਤਾ ਦਾ ਪ੍ਰਤੀਕ ਹੈ | ਇਸ ਲਈ ਇਸ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਜਲਦ ਹੀ ਯੋਗ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਪਿੰਡਾਂ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਅਤੇ ਸੰਗਤ ਦੀ ਭਲਾਈ ਲਈ ਕਾਰਜ ਕਰਦੀ ਆ ਰਹੀ ਹੈ ਅਤੇ ਭਵਿੱਖ ਵਿਚ ਵੀ ਇਹ ਕਾਰਜ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਨੂੰ ਜਲਦ ਮਾਲੀ ਸਹਾਇਤਾ ਦਿਵਾਈ ਜਾਵੇਗੀ | ਇਸ ਮੌਕੇ 'ਤੇ ਲੋਕਲ ਗੁਰਦੁਆਰਾ ਕਮੇਟੀ ਦੇ ਸਕੱਤਰ ਮੇਜਰ ਸਿੰਘ ਨੰਬਰਦਾਰ, ਹਰਮੇਸ਼ ਸਿੰਘ ਪੂਨੀਆ, ਹਰਿੰਦਰ ਸਿੰਘ, ਖ਼ਜ਼ਾਨਚੀ ਬਹਾਦਰ ਸਿੰਘ, ਵਰਿੰਦਰ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਮੋਹਨ ਸਿੰਘ ਸਾਬਕਾ ਸਰਪੰਚ, ਰਣਧੀਰ ਸਿੰਘ, ਕੁਲਜਿੰਦਰ ਸਿੰਘ ਸਰਪੰਚ, ਮਨਮੋਹਨ ਸਿੰਘ ਮਕਾਰੋਂਪੁਰ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਮੰਡੋਫਲ, ਗੁਰਵਿੰਦਰ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਬਡਾਲੀ ਆਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |