ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਇਕੱਤਰਤਾ ਅੱਜ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਰਣਨੀਤੀ, ਉਮੀਦਵਾਰਾਂ ਦੀ ਚੋਣ, ਚੋਣ ਮੁਹਿੰਮ ਅਤੇ ਸੰਗਠਨਕ ਮਜ਼ਬੂਤੀ 'ਤੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੈਂਬਰ ਵਰਕਿੰਗ ਕਮੇਟੀ ਰਣਬੀਰ ਸਿੰਘ ਪੂਨੀਆ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਸਾਬਕਾ ਕੌਂਸਲ ਪ੍ਰਧਾਨ ਸ਼ੇਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਨੇ ਚੋਣਾਂ ਲਈ ਤਿਆਰ ਰਹਿਣ ਅਤੇ ਹਰ ਵਾਰਡ ਵਿਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਪ੍ਰਤੀ ਵਰਕਰਾਂ ਨੂੰ ਲਾਮਬੰਦ ਕੀਤਾ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਸਪਸ਼ਟ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇਗਾ ਅਤੇ ਚੋਣਾਂ ਪੂਰੀ ਤਾਕਤ ਨਾਲ ਲੜੀਆਂ ਜਾਣਗੀਆਂ | ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਉਤਾਰੇ ਜਾਣ ਵਾਲੇ ਉਮੀਦਵਾਰ ਸਿਰਫ਼ ਚੋਣ ਜਿੱਤਣ ਲਈ ਨਹੀਂ, ਸਗੋਂ ਫ਼ਤਹਿਗੜ੍ਹ ਸਾਹਿਬ ਅਤੇ ਸਰਹਿੰਦ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖ ਕੇ ਚੁਣੇ ਜਾਣਗੇ | ਉਨ੍ਹਾਂ ਦੱਸਿਆ ਕਿ ਪਾਰਟੀ ਦਾ ਮੁੱਖ ਮਕਸਦ ਸਾਫ਼-ਸੁਥਰਾ ਪ੍ਰਸ਼ਾਸਨ, ਬਿਨਾਂ ਪੱਖਪਾਤ ਵਿਕਾਸ ਅਤੇ ਸ਼ਹਿਰੀਆਂ ਨੂੰ ਦਫ਼ਤਰੀ ਚੱਕਰਾਂ ਤੋਂ ਮੁਕਤੀ ਦਿਵਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਸ਼ਹਿਰਾਂ ਵਿਚ ਪੱਖਪਾਤ, ਲਾਲਫੀਤਾਸ਼ਾਹੀ ਅਤੇ ਭਿ੍ਸ਼ਟਾਚਾਰ ਕਾਰਨ ਆਮ ਲੋਕ ਬਹੁਤ ਪ੍ਰੇਸ਼ਾਨ ਹਨ | ਸਰਕਾਰੀ ਦਫ਼ਤਰਾਂ ਵਿਚ ਛੋਟੇ-ਛੋਟੇ ਕੰਮਾਂ ਲਈ ਵੀ ਲੋਕਾਂ ਨੂੰ ਮਹੀਨਿਆਂ ਤੱਕ ਭਟਕਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਚੋਣ ਜਿੱਤਣ ਵਾਲੇ ਉਮੀਦਵਾਰਾਂ ਵਲੋਂ ਸੜਕਾਂ, ਨਾਲੀਆਂ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਨੌਜਵਾਨਾਂ ਲਈ ਖੇਡ ਮੈਦਾਨਾਂ ਵਰਗੀਆਂ ਬੁਨਿਆਦੀ ਸੁਵਿਧਾਵਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਅਕਾਲੀ ਆਗੂਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾਉਣ, ਤਾਂ ਜੋ ਸੁਚੱਜੀ ਯੋਜਨਾਬੰਦੀ ਅਤੇ ਇਮਾਨਦਾਰ ਲੀਡਰਸ਼ਿਪ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾ ਸਕੇ | ਇਸ ਮੀਟਿੰਗ ਵਿਚ ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਦੀਦਾਰ ਸਿੰਘ ਰਾਮਪੁਰ, ਸਵਰਨ ਸਿੰਘ, ਗੁਰਦੇਵ ਸਿੰਘ ਵਿਰਕ ਬੀੜ ਭਮਾਰਸੀ, ਰਮਨਦੀਪ ਸਿੰਘ, ਸੁਰਜੀਤ ਸਿੰਘ ਚਨਾਰਥਲ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਰਾਣਾ ਅਮਲੋਹ, ਅਜੀਤ ਸਿੰਘ ਮਾਸਟਰ, ਹਰਮੇਲ ਸਿੰਘ ਰੰਘੇੜਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਸ਼ਾਮਿਲ ਸਨ |