ਅਮਲੋਹ, 20 ਜਨਵਰੀ (ਕੇਵਲ ਸਿੰਘ)-ਬਸੰਤ ਪੰਚਮੀ ਦਾ ਪਵਿੱਤਰ ਤਿਉਹਾਰ ਨੇੜੇ ਆਉਣ ਦੇ ਮੱਦੇਨਜ਼ਰ ਡੀ.ਐੱਸ.ਪੀ. ਅਮਲੋਹ ਗੁਰਦੀਪ ਸਿੰਘ ਸੰਧੂ ਵਲੋਂ ਚਾਈਨਾ ਡੋਰ ਦੇ ਮਸਲੇ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਅਤੇ ਖ਼ਰੀਦੋ-ਫ਼ਰੋਖ਼ਤ ਕਾਨੂੰਨੀ ਤੌਰ 'ਤੇ ਅਪਰਾਧ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਚਾਈਨਾ ਡੋਰ ਵੇਚਦਾ ਜਾਂ ਖਰੀਦਦਾ ਹੋਇਆ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਾਊਾਸਮੈਂਟ ਕਰਵਾਈ ਜਾ ਰਹੀ ਹੈ ਅਤੇ ਖ਼ਾਸ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਡਰੋਨ ਦੀ ਮਦਦ ਨਾਲ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾ ਸਿਰਫ਼ ਇਨਸਾਨਾਂ ਲਈ ਘਾਤਕ ਸਾਬਤ ਹੁੰਦੀ ਹੈ, ਸਗੋਂ ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਨੂੰ ਵੀ ਭਾਰੀ ਨੁਕਸਾਨ ਪਹੰੁਚਾਉਂਦੀ ਹੈ | ਇਸ ਕਰਕੇ ਲੋਕ ਚਾਈਨਾ ਡੋਰ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ | ਡੀ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਸੰਤ ਪੰਚਮੀ ਦਾ ਤਿਉਹਾਰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਮਨਾਇਆ ਜਾਵੇ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨੂੰ ਦੇ ਕੇ ਸਹਿਯੋਗ ਕੀਤਾ ਜਾਵੇ |