ਮੰਡੀ ਗੋਬਿੰਦਗੜ੍ਹ, 20 ਜਨਵਰੀ (ਇਕਬਾਲਦੀਪ ਸੰਧੂ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਸੰਗਤਸਰ ਸਾਹਿਬ ਮੁਹੱਲਾ ਸੰਗਤਪੁਰਾ ਮੰਡੀ ਗੋਬਿੰਦਗੜ੍ਹ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 27 ਜਨਵਰੀ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਦੇ ਪ੍ਰਬੰਧਕ ਰੌਸ਼ਨ ਸਿੰਘ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 344ਵਾਂ ਜਨਮ ਦਿਹਾੜਾ 27 ਜਨਵਰੀ ਨੂੰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 27 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ 8 ਵਜੇ ਭੋਗ ਪਾਉਣ ਉਪਰੰਤ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਅਰੰਭ ਹੋਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਬਾਜ਼ਾਰਾਂ 'ਚੋਂ ਲੰਘਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਹੜੇ ਰਸਤਿਆਂ ਤੋਂ ਨਗਰ ਕੀਰਤਨ ਨੇ ਲੰਘਣਾ ਹੈ, ਉਨ੍ਹਾਂ ਰਸਤਿਆਂ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਜਾਵੇ ਅਤੇ ਨਗਰ ਕੀਰਤਨ ਵਿਚ ਵੱਧ ਤੋੋਂ ਵੱਧ ਸ਼ਮੂਲੀਅਤ ਕੀਤੀ ਜਾਵੇ |