ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਪਿੰਡਾਂ ਦੀਆਂ ਧਰਮਸ਼ਾਲਾਵਾਂ ਵਿਚ ਮਨਾਉਣ ਦੀ ਬਜਾਏ ਗੁਰਦੁਆਰਾ ਸਾਹਿਬ ਵਿਚ ਹੀ ਧਾਰਮਿਕ ਸਮਾਗਮ ਕਰਵਾਏ ਜਾਣ, ਕਿਉਂਕਿ ਧਰਮਸ਼ਾਲਾਵਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿਚ ਕਮੀਆਂ ਰਹਿ ਜਾਂਦੀਆਂ ਹਨ | ਇਸ ਲਈ ਬਿਹਤਰ ਹੋਵੇਗਾ ਕਿ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਗੁਰੂ ਘਰਾਂ ਵਿਚ ਹੀ ਆਰੰਭ ਕਰਵਾਏ ਜਾਣ | ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਜੋ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਜਾਤੀ ਵਿਤਕਰੇ ਤੋਂ ਉੱਪਰ ਉੱਠ ਕੇ ਸਾਂਝੇ ਰੂਪ ਵਿਚ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਗੁਰਦੁਆਰਾ ਸਾਹਿਬਾਨ 'ਚ ਹੀ ਮਨਾਏ ਜਾਣ |