ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਨੇ ਦਾਅਵਾ ਕੀਤਾ ਕਿ ਆਗਾਮੀ ਨਗਰ ਕੌਂਸਲ ਚੋਣਾਂ ਪਾਰਟੀ ਵਲੋਂ ਪੂਰੇ ਉਤਸ਼ਾਹ ਨਾਲ ਲੜੀਆਂ ਜਾਣਗੀਆਂ ਤੇ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣਗੇ | ਆਗੂਆਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਸਲੀਅਤ ਵਿਚ ਸੂਬੇ ਦੇ ਸ਼ਹਿਰੀ ਨਾਗਰਿਕ ਮੌਜੂਦਾ 'ਆਪ' ਸਰਕਾਰ ਦੇ ਪ੍ਰਬੰਧਾਂ ਤੋਂ ਨਿਰਾਸ਼ ਹਨ ਅਤੇ ਹੁਣ ਉਹ ਇਕ ਮਜ਼ਬੂਤ, ਇਮਾਨਦਾਰ ਤੇ ਤਜਰਬੇਕਾਰ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਤੱਕ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡਾਂ ਵਿਚ ਪਾਰਟੀ ਨੂੰ ਲੋਕਾਂ ਪਾਸੋਂ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਗਾਮੀ ਨਗਰ ਕੌਂਸਲ ਚੋਣਾਂ ਵਿਚ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਦੱਸਿਆ ਕਿ ਲੋਕ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ, ਸਟਰੀਟ ਲਾਈਟਾਂ ਅਤੇ ਨਿਕਾਸੀ ਪ੍ਰਣਾਲੀ ਵਰਗੇ ਬੁਨਿਆਦੀ ਮਸਲਿਆਂ ਤੋਂ ਤੰਗ ਆ ਚੁੱਕੇ ਹਨ | ਆਗੂਆਂ ਨੇ ਕਿਹਾ ਕਿ ਸੂਬੇ ਵਿਚ 2027 ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਤਰਜੀਹ ਦਿੱਤੀ ਜਾਵੇਗੀ | ਸ਼ਹਿਰਾਂ ਵਿਚ ਨਵੀਆਂ ਸੜਕਾਂ, ਪਾਰਕਾਂ ਦੀ ਸੰਭਾਲ, ਵਪਾਰੀਆਂ ਲਈ ਸੁਵਿਧਾਵਾਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ | ਅਕਾਲੀ ਆਗੂਆਂ ਨੇ ਸ਼ਹਿਰੀ ਵੋਟਰਾਂ ਨੂੰ ਕੌਂਸਲ ਚੋਣਾਂ ਵਿਚ ਵੱਧ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ੈਸਲਾ ਦੇਣ ਦੀ ਅਪੀਲ ਵੀ ਕੀਤੀ |