ਅਮਲੋਹ, 21 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਲੋਕ ਬਹੁਤ ਸਾਰੀਆਂ ਬਿਮਾਰੀਆਂ ਤੋਂ ਰਾਹਤ ਪਾ ਰਹੇ ਹਨ | ਸ੍ਰੀ ਰਾਮ ਮੰਦਰ ਅਮਲੋਹ ਵਿਖੇ ਯੋਗਸ਼ਾਲਾ ਸੈਸ਼ਨ ਵਿਚ ਟਰੇਨਰ ਹਰਜੋਤ ਸਿੰਘ ਵਲੋਂ ਪ੍ਰਾਣਾਯਾਮ ਤੇ ਯੋਗ ਆਸਣਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ | ਯੋਗਾ ਟ੍ਰਰੇਨਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਲੋਕਾਂ ਵਿਚ ਗੋਡਿਆਂ ਦਾ ਦਰਦ, ਸਰਵਾਈਕਲ, ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਆਮ ਹੋ ਰਹੀਆਂ ਹਨ | ਯੋਗ ਸੈਸ਼ਨ ਵਿਚ ਸ਼ਾਮਿਲ ਹੋਣ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਅਮਨਦੀਪ ਕੌਰ ਨੇ ਦੱਸਿਆ ਕਿ ਯੋਗ ਸੈਸ਼ਨ ਵਿਚ ਸ਼ਾਮਿਲ ਹੋਣ ਨਾਲ ਮਾਨਸਿਕ ਤੌਰ 'ਤੇ ਸ਼ਾਂਤੀ ਮਿਲਦੀ ਹੈ | ਸਰੀਰ ਵਿਚ ਲਚਕੀਲਾਪਣ ਆਉਂਦਾ ਹੈ | ਇਕ ਹੋਰ ਮੈਂਬਰ ਦਿਕਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਬਹੁਤ ਵਧੀਆ ਉਪਰਾਲਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ | ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਯਾਬ ਬਣਾਉਣ, ਮਾਨਸਿਕ ਤਣਾਓ ਨੂੰ ਦੂਰ ਕਰਨ ਦਾ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਵੀ ਹਾਜ਼ਰ ਸਨ |