26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਗਣਤੰਤਰ ਦਿਵਸ ਮੌਕੇ ਰੋਸ ਪੱਤਰ ਭੇਜਣ ਦਾ ਫ਼ੈਸਲਾ

ਅਜੀਤ ਡੈਸਕ 23-01-2026
• ਐੱਨ. ਪੀ. ਐੱਸ. ਦੀ ਕਟੌਤੀ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੀ ਮੰਗ
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਬਲਜਿੰਦਰ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕੋ-ਕਨਵੀਨਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਰਚੇ ਦੇ ਬੁਲਾਰਿਆਂ ਵਲੋਂ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਪੰਜਾਬ ਸਰਕਾਰ ਦੁਆਰਾ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਗਣਤੰਤਰ ਦਿਵਸ ਮੌਕੇ ਸਾਰੇ ਜ਼ਿਲਿ੍ਹਆਂ 'ਚ ਤਿਰੰਗਾ ਝੰਡਾ ਲਹਿਰਾਉਣ ਸਮੇਂ ਪੰਜਾਬ ਸਰਕਾਰ ਦੇ ਨਾਂਅ ਰੋਸ ਪੱਤਰ ਭੇਜਣ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੌਰਾਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੇ 2 ਲੱਖ ਐੱਨ.ਪੀ.ਐੱਸ. ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇਕ ਵੀ ਮੁਲਾਜ਼ਮ ਦਾ ਜੀ.ਪੀ.ਐੱਫ. ਖਾਤਾ ਨਹੀਂ ਖੋਲਿ੍ਹਆ ਗਿਆ, ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾਰਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵਲੋਂ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ, ਪਰ ਪੰਜਾਬ ਸਰਕਾਰ ਸਰਮਾਏਦਾਰੀ ਨੀਤੀਆਂ ਉੱਪਰ ਚੱਲਦੇ ਹੋਏ ਆਪਣੇ ਦੁਆਰਾ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਹੀ ਲਾਗੂ ਕਰਨ ਤੋਂ ਭੱਜ ਰਹੀ ਹੈ | ਜਿਸ ਕਾਰਨ ਮੁਲਾਜ਼ਮਾਂ ਵਿਚ ਬੇਚੈਨੀ ਫੈਲੀ ਹੋਈ ਹੈ |
ਪਿਛਲੀ ਖ਼ਬਰ ਰਾਜ ਕਰ ਵਿਭਾਗ ਵਲੋਂ ਜੀ. ਐਸ. ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਅਗਲੀ ਖ਼ਬਰ ਨਵੇਂ ਬਣ ਰਹੇ ਨੈਸ਼ਨਲ ਹਾਈਵੇ 205 'ਤੇ ਰਸਤਾ ਨਾ ਮਿਲਣ ਕਾਰਨ ਇਲਾਕਾ ਵਾਸੀਆਂ ਨੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।