26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨੌਕਰੀ ਕਰ ਰਹੇ ਪੁਰਾਣੇ ਅਧਿਆਪਕਾਂ ਉੱਪਰ ਟੀ.ਈ.ਟੀ. ਦੀ ਸ਼ਰਤ ਲਗਾਉਣਾ ਗ਼ੈਰ-ਵਾਜਬ- ਜਗਵਿੰਦਰ, ਪਰਵਿੰਦਰ

ਅਜੀਤ ਡੈਸਕ 23-01-2026
ਮੰਡੀ ਗੋਬਿੰਦਗੜ੍ਹ, 22 ਜਨਵਰੀ (ਇਕਬਾਲਦੀਪ ਸੰਧੂ)-ਪਿਛਲੇ ਸਾਲ 2025 ਦੌਰਾਨ ਸਤੰਬਰ ਮਹੀਨੇ ਸਰਬ ਉੱਚ ਅਦਾਲਤ ਦੀ ਤਰੱਕੀ ਲਈ ਟੀ.ਈ.ਟੀ. ਜ਼ਰੂਰੀ ਬਾਰੇ ਆਏ ਫ਼ੈਸਲੇ ਨੇ ਪਹਿਲਾਂ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨਵੀਂ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ | ਇਸ ਫ਼ੈਸਲੇ ਦੇ ਆਧਾਰ 'ਤੇ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿਚ ਹੋਣ ਵਾਲੀਆਂ ਤਰੱਕੀਆਂ 'ਤੇ ਰੋਕ ਲੱਗ ਗਈ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਨਵੀਨਰ ਜਗਵਿੰਦਰ ਸਿੰਘ ਗਰੇਵਾਲ ਅਤੇ ਕੋ ਕਨਵੀਨਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਦਾ ਅਧਿਕਾਰ ਐਕਟ-2009 ਦੇ ਆਧਾਰ 'ਤੇ 23 ਅਗਸਤ 2010 ਤੋਂ ਬਾਅਦ ਭਰਤੀ ਹੋਣ ਵਾਲੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਅਧਿਆਪਕਾਂ ਲਈ ਟੀ.ਈ.ਟੀ-1 ਅਤੇ ਛੇਵੀਂ ਤੋਂ ਅੱਠਵੀਂ ਦੇ ਅਧਿਆਪਕਾਂ ਲਈ ਟੀ.ਈ.ਟੀ-2 ਦਾ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਸੀ, ਪਰ ਪਿਛਲੇ ਸਾਲ ਸਤੰਬਰ ਮਹੀਨੇ ਸੁਪਰੀਮ ਕੋਰਟ ਨੇ ਇਕ ਫ਼ੈਸਲੇ ਵਿਚ 23 ਅਗਸਤ 2010 ਤੋਂ ਪਹਿਲਾਂ ਨੌਕਰੀ ਵਿਚ ਆਏ ਅਧਿਆਪਕਾਂ ਨੂੰ ਵੀ 2 ਸਾਲ ਦੇ ਅੰਦਰ-ਅੰਦਰ ਟੀ.ਈ.ਟੀ ਟੈਸਟ ਪਾਸ ਕਰਨ ਦੀ ਸ਼ਰਤ ਲਗਾ ਦਿੱਤੀ ਹੈ ਅਤੇ ਤਰੱਕੀ ਲੈਣ ਲਈ ਵੀ ਟੀ.ਈ.ਟੀ. ਦੀ ਸ਼ਰਤ ਰੱਖ ਦਿੱਤੀ ਹੈ | ਜਿਸ ਕਾਰਨ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿਚ ਹੋਣ ਵਾਲੀਆਂ ਲਗਪਗ 5000 ਅਧਿਆਪਕਾਂ ਦੀਆਂ ਤਰੱਕੀਆਂ ਰੁਕ ਗਈਆਂ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਭਰਤੀ ਹੋਏ ਸਾਰੇ ਅਧਿਆਪਕ ਆਪੋ-ਆਪਣੇ ਸਮੇਂ 'ਤੇ ਭਰਤੀ ਲਈ ਲਾਗੂ ਨਿਯਮਾਂ ਅਤੇ ਸ਼ਰਤਾਂ ਨੂੰ ਪੂਰੀਆਂ ਕਰਕੇ ਨੌਕਰੀ ਵਿਚ ਆਏ ਹਨ | ਉਨ੍ਹਾਂ ਉੱਪਰ ਬਾਅਦ ਵਿਚ ਲਾਗੂ ਹੋਈਆਂ ਸ਼ਰਤਾਂ ਮੜ੍ਹਨਾ ਸਰਾਸਰ ਧੱਕਾ ਹੈ | ਇਸ ਤੋਂ ਵੀ ਅੱਗੇ 2018 ਵਿਚ ਤਰੱਕੀਆਂ ਤੋਂ ਵਾਂਝੇ ਰਹਿ ਗਏ ਬੈਕਲਾਗ ਵਾਲੇ ਅਧਿਆਪਕਾਂ ਨੂੰ 7 ਸਾਲਾਂ ਬਾਅਦ ਤਰੱਕੀ ਦੇ ਆਰਡਰ ਦੇਣ ਅਤੇ ਨੈਸ਼ਨਲ ਜੁਆਨਿੰਗ ਕਰਵਾਉਣ ਦੇ ਬਾਵਜੂਦ ਵੀ ਸਟੇਸ਼ਨ ਅਲਾਟ ਨਹੀਂ ਕੀਤੇ ਗਏ | ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਯਾਚਿਕਾ ਦਾਖਿਲ ਕਰਨ ਜਾਂ ਸੰਸਦ ਵਿਚ ਆਰਡੀਨੈਂਸ ਲਿਆ ਕੇ ਨੌਕਰੀ ਕਰ ਰਹੇ ਅਧਿਆਪਕਾਂ ਅਤੇ ਤਰੱਕੀਆਂ ਲਈ ਟੀ.ਈ.ਟੀ. ਤੋਂ ਛੋਟ ਦਿਵਾਉਣ ਅਤੇ ਪੈਂਡਿੰਗ ਪਈਆਂ ਤਰੱਕੀਆਂ ਨੂੰ ਤੁਰੰਤ ਨੇਪਰੇ ਚਾੜ੍ਹਨ |
ਪਿਛਲੀ ਖ਼ਬਰ 50 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ ਅਗਲੀ ਖ਼ਬਰ ਰਾਜ ਕਰ ਵਿਭਾਗ ਵਲੋਂ ਜੀ. ਐਸ. ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।