ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ-ਰਾਜੂ ਖੰਨਾ
ਅਜੀਤ ਡੈਸਕ
23-01-2026
ਮੰਡੀ ਗੋਬਿੰਦਗੜ੍ਹ, 22 ਜਨਵਰੀ (ਇਕਬਾਲਦੀਪ ਸੰਧੂ)-ਦਿੱਲੀ ਦੀ ਅਦਾਲਤ ਵਲੋਂ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦਾ ਫ਼ੈਸਲਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ | ਇਹ ਫ਼ੈਸਲਾ ਉਨ੍ਹਾਂ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕਰਨ ਵਾਲਾ ਹੈ, ਜੋ ਪਿਛਲੇ 40 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਅਸੀਂ ਇਸ ਫ਼ੈਸਲੇ ਵਿਰੁੱਧ ਹਰ ਪੱਧਰ 'ਤੇ ਆਵਾਜ਼ ਬੁਲੰਦ ਕਰਾਂਗੇ | ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੀ ਖ਼ਬਰ ਨੇ ਸਮੁੱਚੀ ਸਿੱਖ ਕੌਮ ਦੇ ਨਾਲ-ਨਾਲ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸ ਫ਼ੈਸਲੇ ਨੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਜਾਂਚ ਏਜੰਸੀਆਂ ਦੀ ਨਾਕਾਮੀ ਦੀ ਸਖ਼ਤ ਨਿੰਦਾ ਕਰਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਸ ਮਾਮਲੇ ਨੂੰ ਇੱਥੇ ਹੀ ਰੁਕਣ ਨਹੀਂ ਦੇਵਾਂਗੇ ਅਤੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਲੜਾਈ ਜਾਰੀ ਰੱਖਾਂਗੇ |