ਸਮਾਣਾ, 22 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਸਟਾਫ਼ ਸਮਾਣਾ ਵਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ | ਜਿਸ ਦੀ ਪਛਾਣ ਲਾਰੈਂਸ ਗਰੁੱਪ ਦੇ ਗੈਂਗਸਟਰ ਸਾਥੀ ਗੁਰਵਿੰਦਰ ਸਿੰਘ ਵਾਸੀ ਪਿੰਡ ਬੂਟਾ ਸਿੰਘ ਵਾਲਾ ਵਜੋਂ ਹੋਈ ਹੈ | ਜਿਸ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਮਾਨਯੋਗ ਅਦਾਲਤ ਤੋਂ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ | ਮਾਮਲੇ ਦੇ ਜਾਂਚ ਅਧਿਕਾਰੀ ਸੀ.ਆਈ.ਏ. ਸਟਾਫ਼ ਸਮਾਣਾ ਦੇ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੜਾਈ-ਝਗੜਿਆਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕਈ ਮਾਮਲੇ ਪਹਿਲਾਂ ਹੀ ਦਰਜ ਹਨ | ਅਧਿਕਾਰੀ ਅਨੁਸਾਰ ਪੁਲਿਸ ਨੇ ਇਕ ਦਿਨ ਦੇ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤੀ ਹੁਕਮਾਂ ਅਨੁਸਾਰ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ |